ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਅਗੇ ਰੱਖੀ ਮੰਗ-ਅੰਮ੍ਰਿਤਸਰ ਤੇ ਮੋਹਾਲੀ ਤੋਂ ਕੈਨੇਡਾ ਤੇ ਯੂਐੱਸ ਵਿਚਕਾਰ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਮੰਤਰੀ ਕੁਲਦੀਪ ਧਾਲੀਵਾਲ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਅਗੇ ਰੱਖੀ ਮੰਗ-ਅੰਮ੍ਰਿਤਸਰ ਤੇ ਮੋਹਾਲੀ ਤੋਂ ਕੈਨੇਡਾ ਤੇ ਯੂਐੱਸ ਵਿਚਕਾਰ ਸਿੱਧੀਆਂ ਉਡਾਣਾਂ ਹੋਣ ਸ਼ੁਰੂ

ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੁੱਧਵਾਰ ਨੂੰ ਕੇਂਦਰ ਤੋਂ ਮੰਗ ਕੀਤੀ ਕਿ ਅੰਮ੍ਰਿਤਸਰ ਤੇ ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ (ਮੋਹਾਲੀ) ਨੂੰ ਕੈਨੇਡਾ ਅਤੇ ਅਮਰੀਕੀ ਸ਼ਹਿਰਾਂ ਨਿਊਯਾਰਕ, ਲਾਸਏਂਜਲਸ, ਸ਼ਿਕਾਗੋ, ਸਿਆਟਲ ਅਤੇ ਸਾਨਫਰਾਂਸਿਸਕੋ ਆਦਿ ਲਈ ਸਿੱਧੀਆਂ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਮਾਰ ਕੀਤਾ ਜਾਵੇ ਜਿਸ ਨਾਲ ਦੋਵਾਂ ਪਾਸਿਆਂ ਦੇ ਵੱਡੀ ਗਿਣਤੀ ਯਾਤਰੀਆਂ ਨੂੰ ਵੱਡੀ ਸਹੂਲਤ ਮਿਲੇਗੀ।

ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਐੱਮ ਸਿੰਧੀਆ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਵੱਡੀ ਗਿਣਤੀ ਵਿਚ ਪੰਜਾਬੀ ਅਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ ਇੰਡੀਆ (ਓਸੀਆਈ) ਕਾਰਡ ਧਾਰਕ ਲੰਮੇ ਸਮੇਂ ਤੋਂ ਕੈਨੇਡਾ ਅਤੇ ਯੂਐੱਸਏ ਵਿਚ ਰਹਿ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਦੀ ਤਰਫੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਸਥਿਤ ਹਵਾਈ ਅੱਡਿਆਂ ਨੂੰ ਕੈਨੇਡਾ ਅਤੇ ਅਮਰੀਕੀ ਸ਼ਹਿਰਾਂ ਨਿਊਯਾਰਕ, ਲਾਸਏਂਜਲਸ, ਸ਼ਿਕਾਗੋ, ਸਿਆਟਲ ਅਤੇ ਸਾਨਫਰਾਂਸਿਸਕੋ, ਟੋਰਾਂਟੋ ਤੇ ਵੈਨਕੂਵਰ ਆਦਿ ਲਈ ਸਿੱਧੀਆਂ ਹਵਾਈ ਉਡਾਣਾਂ ਲਈ ਸ਼ਾਮਲ ਕਰ ਕੇ ਇਨ੍ਹਾਂ ਮੁਲਕਾਂ ਵਿਚ ਰਹਿੰਦੇ ਪਰਵਾਸੀ ਪੰਜਾਬੀਆਂ ਦੀ ਲੰਮੇ ਸਮੇਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਸਿੰਧੀਆ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੰਘੇ ਵਰ੍ਹੇ ਦਸੰਬਰ ਵਿਚ ਕਰਵਾਏ ਗਏ ਐੱਨਆਰਆਈ ਸੰਮੇਲਨਾਂ ਦੌਰਾਨ ਇਨ੍ਹਾਂ ਮੁਲਕਾਂ ਵਿਚ ਵਸਦੇ ਪੰਜਾਬੀਆਂ ਵੱਲੋਂ ਇਹ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਕੈਨੇਡਾ ਦਰਮਿਆਨ ਸਿੱਧਾ ਹਵਾਈ ਸੰਪਰਕ ਮੁਹੱਈਆ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਤੋਂ ਕੈਨੇਡੀਅਨ ਸ਼ਹਿਰਾਂ ਲਈ ਸਿੱਧੀਆਂ ਉਡਾਣਾਂ ਦਾ ਪ੍ਰਬੰਧ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਵਿਚ ਅੰਮ੍ਰਿਤਸਰ ਅਤੇ ਕੈਨੇਡਾ ਦੇ ਸ਼ਹਿਰਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਆਪਣੀਆਂ ਮੰਜ਼ਿਲਾਂ ’ਤੇ ਪਹੁੰਚਣ ਲਈ ਨਵੀਂ ਦਿੱਲੀ ਜਾਂ ਭਾਰਤ ਦੇ ਹੋਰ ਸ਼ਹਿਰਾਂ ਵਿਖੇ ਜਾਣਾ ਪੈਂਦਾ ਹੈ।