- Updated: July 25, 2024 09:09 PM
ਕਾਂਗਰਸ ਨੇ ਵੀਰਵਾਰ ਨੂੰ ਆਪਣੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਬਾਰੇ ਕੀਤੀ ਟਿੱਪਣੀ ਤੋਂ ਆਪਣੇ ਆਪ ਨੂੰ ਦੂਰ ਕਰਦੇ ਹੋਏ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਨਿੱਜੀ ਰਾਇ ਹੈ ਨਾ ਕਿ ਪਾਰਟੀ ਦਾ ਸਟੈਂਡ।
ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ 'ਐਕਸ' 'ਤੇ ਪੋਸਟ ਕੀਤਾ, "ਅੰਮ੍ਰਿਤਪਾਲ ਸਿੰਘ ਬਾਰੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਗਟਾਏ ਗਏ ਵਿਚਾਰ ਉਨ੍ਹਾਂ ਦੇ ਆਪਣੇ ਹਨ ਅਤੇ ਕਿਸੇ ਵੀ ਤਰ੍ਹਾਂ ਭਾਰਤੀ ਰਾਸ਼ਟਰੀ ਕਾਂਗਰਸ ਦੇ ਸਟੈਂਡ ਨੂੰ ਦਰਸਾਉਂਦੇ ਨਹੀਂ ਹਨ।"
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚੰਨੀ ਨੇ ਵੀਰਵਾਰ ਨੂੰ ਲੋਕ ਸਭਾ 'ਚ ਬਜਟ 'ਤੇ ਚਰਚਾ ਦੌਰਾਨ ਕਿਹਾ ਕਿ ਭਾਜਪਾ ਐਮਰਜੈਂਸੀ ਦੇ ਦੋਸ਼ ਲਾਉਂਦੀ ਹੈ ਪਰ ਦੇਸ਼ 'ਚ ਅਜੇ ਵੀ ਅਣਐਲਾਨੀ ਐਮਰਜੈਂਸੀ ਲਾਗੂ ਹੈ। ਉਨ੍ਹਾਂ ਕਿਹਾ ਕਿ ਇਹ ਐਮਰਜੈਂਸੀ ਹੈ ਜਦੋਂ ਇੱਕ ਚੁਣੇ ਹੋਏ ਸੰਸਦ ਮੈਂਬਰ ਖ਼ਿਲਾਫ਼ ਐਨਐਸਏ ਤਹਿਤ ਕੇਸ ਦਰਜ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ ਅਤੇ ਉਹ ਆਪਣੇ ਹਲਕੇ ਦੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਯੋਗ ਨਹੀਂ ਹੈ। ਚੰਨੀ ਅੰਮ੍ਰਿਤਪਾਲ ਸਿੰਘ ਦਾ ਜ਼ਿਕਰ ਕਰ ਰਹੇ ਸਨ।
ਕੇਂਦਰੀ ਮੰਤਰੀ ਰਵਨੀਤ ਬਿੱਟੂ ਤੇ ਸੱਤਾ ਧਿਰ ਨੇ ਇਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਬਿੱਟੂ ਨੇ ਦੋਸ਼ ਲਾਇਆ ਕਿ ਕਾਂਗਰਸ ਖਾਲਿਸਤਾਨੀਆਂ ਦੀ ਹਮਾਇਤ ਵਿੱਚ ਹੈ।