- Updated: July 04, 2026 11:51 AM
ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਘਰ ਬੀਤੇ ਕੱਲ੍ਹ ਹੋਈ ਮੀਟਿੰਗ ਤੋਂ ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਖੁੱਲ੍ਹ ਕੇ ਜੱਗ ਜ਼ਾਹਿਰ ਹੋ ਗਿਆ ਹੈ। ਪੰਜਾਬ ਦੇ ਕਈ ਸੀਨੀਅਰ ਲੀਡਰਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਹਾਈਕਮਾਂਡ ਨਾਲ ਗੱਲਬਾਤ ਕਰ ਕੇ ਪਾਰਟੀ ਦੇ ਸੂਬਾ ਪ੍ਰਧਾਨ ਦੀ ਨਿਯੁਕਤੀ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਲਈ ਆਖ਼ਣ। ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਨੂੰ ਅੰਦਰੂਨੀ ਕਲੇਸ਼ ਕਾਰਨ ਕਾਫ਼ੀ ਨੁਕਸਾਨ ਝੱਲਣਾ ਪੈ ਸਕਦਾ ਹੈ, ਇਸ ਲਈ ਪਾਰਟੀ ਹਾਈਕਮਾਂਡ ਨੇ ਵੀ ਡੈਮੇਜ ਕੰਟਰੋਲ ਸ਼ੁਰੂ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ, ਕੱਲ੍ਹ ਦੇ ਐਪੀਸੋਡ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਦਿੱਲੀ ਦੇ ਇਕ ਸੀਨੀਅਰ ਲੀਡਰ ਦਾ ਫ਼ੋਨ ਆਇਆ ਹੈ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਦੱਸਿਆ ਹੈ ਕਿ ਰਾਹੁਲ ਗਾਂਧੀ ਇਸ ਵੇਲੇ ਵਿਦੇਸ਼ ਵਿਚ ਹਨ, ਉਹ 7 ਜੁਲਾਈ ਨੂੰ ਭਾਰਤ ਪਰਤ ਆਉਣਗੇ ਤੇ ਉਸ ਤੋਂ ਬਾਅਦ ਦੋਹਾਂ ਦੀ ਮੀਟਿੰਗ ਕਰਵਾਈ ਜਾਵੇਗੀ। ਉਨ੍ਹਾਂ ਨੇ ਚਰਨਜੀਤ ਸਿੰਘ ਚੰਨੀ ਨੂੰ ਜਲਦਬਾਜ਼ੀ ਵਿਚ ਕੋਈ ਵੱਡਾ ਕਦਮ ਨਾ ਚੁੱਕਣ ਦੀ ਅਪੀਲ ਵੀ ਕੀਤੀ ਹੈ। ਦੂਜੇ ਪਾਸੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਅੱਜ ਪੰਜਾਬ ਆਉਣਾ ਸੀ ਤੇ ਕਈ ਆਗੂਆਂ ਨਾਲ ਮੁਲਾਕਾਤਾਂ ਕਰਨੀਆਂ ਸਨ, ਪਰ ਅਚਾਨਕ ਇਹ ਦੌਰਾ ਵੀ ਰੱਦ ਹੋ ਗਿਆ ਹੈ।
ਇੱਥੇ ਦੱਸ ਦਈਏ ਕਿ ਸ਼ੁੱਕਰਵਾਰ ਨੂੰ ਚਰਨਜੀਤ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ’ਤੇ ਹੋਈ ਬੈਠਕ ਮਗਰੋਂ 5 ਮੈਂਬਰੀ ਵਫਦ ਦਾ ਗਠਨ ਕੀਤਾ ਗਿਆ। ਇਸ ਟੀਮ ’ਚ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਓ. ਪੀ. ਸੋਨੀ, ਚਰਨਜੀਤ ਸਿੰਘ ਚੰਨੀ ਅਤੇ ਸੁਖਵਿੰਦਰ ਸਿੰਘ ਸਰਕਾਰੀਆ ਦੇ ਨਾਂ ਸ਼ਾਮਲ ਹਨ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਇਹ ਵਫ਼ਦ ਸੰਸਦ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਏ. ਆਈ. ਸੀ. ਸੀ. ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲ ਕੇ ਆਪਣੇ ਵਿਚਾਰ ਪੇਸ਼ ਕਰੇਗਾ।
ਜ਼ਿਕਰਯੋਗ ਹੈ ਕਿ ਮੀਟਿੰਗ ’ਚ 7 ਸਾਬਕਾ ਮੰਤਰੀ, 4 ਮੌਜੂਦਾ ਵਿਧਾਇਕ ਅਤੇ 68 ਹਲਕਾ ਇੰਚਾਰਜਾਂ ਸਮੇਤ ਹਿੱਸਾ ਲੈਣ ਪਹੁੰਚੇ ਕਾਂਗਰਸੀ ਆਗੂਆਂ ਨੇ ਇਸ ਗੱਲ ’ਤੇ ਸਹਿਮਤੀ ਪ੍ਰਗਟਾਈ ਕਿ ਜੇਕਰ ਹਾਈਕਮਾਂਡ ਉਨ੍ਹਾਂ ਦੀ ਮੰਗ ’ਤੇ ਗੰਭੀਰਤਾ ਦਿਖਾਉਂਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਨਹੀਂ ਬਦਲਦੀ ਤਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਦਾ ਗਠਨ ਵੀ ਸੰਭਵ ਹੋ ਸਕਦਾ ਹੈ। ਆਉਣ ਵਾਲੇ ਦਿਨਾਂ ’ਚ ਰਾਹੁਲ ਗਾਂਧੀ ਨਾਲ ਹੋਣ ਵਾਲੀ ਬੈਠਕ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਰਹਿਣਗੀਆਂ, ਕਿਉਂਕਿ ਇਸ ਦੇ ਨਤੀਜੇ ਪੰਜਾਬ ਕਾਂਗਰਸ ਦੇ ਭਵਿੱਖ ਦੀ ਸਿਆਸੀ ਦਿਸ਼ਾ ਤੈਅ ਕਰਨ ’ਚ ਅਹਿਮ ਭੂਮਿਕਾ ਨਿਭਾਉਣਗੇ।
1 ਜੁਲਾਈ ਨੂੰ ਜਿਵੇਂ ਹੀ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਵਲੋਂ ਪੰਜਾਬ ਦੇ ਸੰਗਠਨ ਬਦਲਾਅ ਨੂੰ ਲੈ ਕੇ ਸੂਚੀ ਜਾਰੀ ਹੋਈ, ਉਸ ਦੇ ਬਾਅਦ ਤੋਂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕਈ ਸੀਨੀਅਰ ਆਗੂਆਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੋਈ ਖੁਸ਼ੀ ਜ਼ਾਹਿਰ ਨਹੀਂ ਕੀਤੀ। ਜਾਣਕਾਰੀ ਅਨੁਸਾਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਾਥੀ ਕਾਂਗਰਸੀ ਆਗੂਆਂ ਨੂੰ ਸਾਫ਼ ਤੌਰ ’ਤੇ ਕਹਿ ਦਿੱਤਾ ਕਿ ਪੀ. ਪੀ. ਸੀ. ਸੀ. ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮਿਲ ਕੇ ਕਾਂਗਰਸ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਜਿੱਤ ਨਹੀਂ ਦਿਵਾਈ ਜਾ ਸਕਦੀ।
ਮੀਟਿੰਗ ’ਚ ਲਖਬੀਰ ਸਿੰਘ ਲੱਖਾ, ਜੋਗਿੰਦਰ ਪਾਲ, ਵਰਿੰਦਰ ਢਿੱਲੋਂ, ਹਰਮਿੰਦਰ ਸਿੰਘ ਗਿੱਲ, ਨਾਜ਼ਰ ਸਿੰਘ ਮਾਨਸ਼ਾਹੀਆ, ਤਰਸੇਮ ਸਿੰਘ, ਰਾਣਾ ਗੁਰਜੀਤ ਸਿੰਘ, ਓ. ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਸਾਬਕਾ ਸੰਸਦ ਮੈਂਬਰ ਮੁਹੰਮਦ ਸਦੀਕ, ਦੇਵੇਂਦਰ ਘੁਬਾਇਆ, ਗੁਰਪ੍ਰੀਤ ਕਾਂਗੜ, ਦਰਸ਼ਨ ਬਰਾੜ, ਗੁਰਕੀਰਤ ਸਿੰਘ ਕੋਟਲੀ, ਮਦਨ ਜਲਾਲਪੁਰ, ਇੰਦਰਬੀਰ ਬੁਲਾਰੀਆ, ਹਰਿੰਦਰ ਸਿੰਘ ਹੈਰੀ ਮਾਨ ਸਹਿਤ ਵੱਡੀ ਗਿਣਤੀ ’ਚ ਕਾਂਗਰਸੀ ਹਾਜ਼ਰ ਹੋਏ। ਸਾਰੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ ਚਰਨਜੀਤ ਸਿੰਘ ਚੰਨੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਜੋ ਕੋਈ ਫ਼ੈਸਲਾ ਲੈਣਗੇ, ਸਾਰੇ ਉਸ ਨਾਲ ਸਹਿਮਤ ਹੋਣਗੇ।