CM ਮਾਨ ਨੇ ਟਵੀਟ ਕਰਕੇ ਕਿਹਾ ,"ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ"

CM ਮਾਨ ਨੇ ਟਵੀਟ ਕਰਕੇ ਕਿਹਾ ,

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਚੱਲ ਰਹੇ ਮਰਨ ਵਰਤ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ। ਕੇਂਦਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ? ਜੇ ਪ੍ਰਧਾਨ ਮੰਤਰੀ ਮੋਦੀ ਰੂਸ ਅਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਹਨ ਤਾਂ 200 ਕਿੱਲੋਮੀਟਰ 'ਤੇ ਬੈਠੇ ਅੰਨਦਾਤਿਆਂ ਨਾਲ ਨਹੀਂ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ।

ਦੱਸਣਯੋਗ ਹੈ ਕਿ ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨਾਂ ਦਾ ਪ੍ਰਦਰਸ਼ਨ ਚੱਲ ਰਿਹਾ ਹੈ ਪਰ ਅਜੇ ਤਕ ਇਕ ਵਾਰ ਕੇਂਦਰ ਸਰਕਾਰ ਵਲੋਂ ਗੱਲਬਾਤ ਦਾ ਸੱਦਾ ਨਹੀਂ ਆਇਆ ਹੈ। ਇਸ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ ਇਕ ਮਹੀਨੇ ਤੋਂ ਮਰਨ ਵਰਤ 'ਤੇ ਬੈਠੇ ਹੋਏ ਹਨ। ਇਸ ਦਰਮਿਆਨ ਡਾਕਟਰਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਚੌਕਸ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਹਾਲਾਤ ਵਿਚ ਡੱਲੇਵਾਲ ਗੁਜ਼ਰ ਰਹੇ ਹਨ, ਇਸ ਵਿਚਾਲੇ ਕੁਝ ਵੀ ਹੋ ਸਕਦਾ ਹੈ। ਲਿਹਾਜ਼ਾ ਬੇਹੱਦ ਚੌਕਸੀ ਵਰਤਣ ਦੀ ਲੋੜ ਹੈ।