ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਹੋਈ ਤਕਰਾਰ  , ਕਈ ਆਗੂਆਂ ਨੂੰ ਹਿਰਾਸਤ ''ਚ ਲਿਆ

ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਹੋਈ ਤਕਰਾਰ  , ਕਈ ਆਗੂਆਂ ਨੂੰ ਹਿਰਾਸਤ ''ਚ ਲਿਆ

ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪਰੋਲ ਦੇਣ ਦੀ ਮੰਗ ਨੂੰ ਲੈ ਕੇ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ। ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਬਾਹਰ ਸਿੱਖ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕਰਦਿਆਂ ਰਸਤਾ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ।

ਪ੍ਰਦਰਸ਼ਨਕਾਰੀਆਂ ਵੱਲੋਂ ਕਿਹਾ ਗਿਆ ਕਿ ਪੰਜਾਬ ਬੰਦ ਦਾ ਮਤਲਬ ਪੂਰੀ ਤਰ੍ਹਾਂ ਬੰਦ ਹੈ ਅਤੇ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨਹੀਂ ਚੱਲਣ ਦਿੱਤੀ ਜਾਵੇਗੀ। ਹਾਲਾਂਕਿ ਐਂਬੂਲੈਂਸ ਨੂੰ ਲੰਘਣ ਦੇਣ ਦੀ ਗੱਲ ਕਹੀ ਗਈ। ਇਸ ਦੌਰਾਨ ਪੁਲਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਰਸਤਾ ਖੋਲ੍ਹਣ ਲਈ ਕਿਹਾ ਗਿਆ। ਰਸਤਾ ਖੋਲ੍ਹਵਾਉਣ ਨੂੰ ਲੈ ਕੇ ਪੁਲਸ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਕਾਫੀ ਤਲਖੀ ਅਤੇ ਬਹਿਸਬਾਜ਼ੀ ਹੋਈ। ਪੁਲਸ ਦਾ ਕਹਿਣਾ ਸੀ ਕਿ ਇਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਮੁੱਖ ਰਸਤਾ ਹੈ ਅਤੇ ਇਸ ਨੂੰ ਜ਼ਬਰਦਸਤੀ ਪੂਰੀ ਤਰ੍ਹਾਂ ਬੰਦ ਨਹੀਂ ਕਰਨ ਦਿੱਤਾ ਜਾ ਸਕਦਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪਿੰਦਰ ਸਿੰਘ ਨੇ 6 ਜੂਨ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਦੀ 10 ਦਿਨ ਦੀ ਪਰੋਲ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸਿਰਫ ਐਂਬੂਲੈਂਸ ਨੂੰ ਰਸਤਾ ਦਿੱਤਾ ਜਾਵੇਗਾ ਅਤੇ ਬਾਕੀ ਆਵਾਜਾਈ ਬੰਦ ਰਹੇਗੀ। ਕਰੀਬ 20 ਮਿੰਟ ਤੱਕ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਬਹਿਸ ਤੋਂ ਬਾਅਦ ਪੁਲਸ ਵੱਲੋਂ ਕੁਝ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸਿੱਖ ਆਗੂ ਭਾਈ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਪੁਲਸ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਬੰਦ ਦੀ ਕਾਲ ਨੂੰ ਲਾਗੂ ਕਰ ਰਹੇ ਸਨ ਅਤੇ ਦੁਪਹਿਰ 2 ਵਜੇ ਤੱਕ ਆਵਾਜਾਈ ਬੰਦ ਰੱਖਣ ਦੀ ਗੱਲ ਕੀਤੀ ਸੀ।

ਦੂਜੇ ਪਾਸੇ ਡੀਸੀਪੀ ਰਵਿੰਦਰ ਪਾਲ ਸਿੰਘ ਨੇ ਕਿਹਾ ਕਿ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਬਲਾਕ ਕਰਕੇ ਆਵਾਜਾਈ ਪ੍ਰਭਾਵਿਤ ਕੀਤੀ ਜਾ ਰਹੀ ਸੀ ਅਤੇ ਐਂਬੂਲੈਂਸਾਂ ਦਾ ਰਸਤਾ ਵੀ ਰੋਕਿਆ ਜਾ ਰਿਹਾ ਸੀ। ਇਸ ਕਾਰਨ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਪੁਲਿਸ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।