- Updated: June 18, 2024 04:22 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਸਾਰੇ ਜਿਲਿਆਂ ਦੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨਾਲ ਇਕ ਖਾਸ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਸੂਬੇ ਦੇ ਵਿੱਚ ਕਾਨੂੰਨ ਵਿਵਸਥਾ ਅਤੇ ਖਾਸ ਤੌਰ 'ਤੇ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਖਾਸ ਹਦਾਇਤਾਂ ਜਾਰੀ ਕੀਤੀਆਂਤੇ ਪੁਲਿਸ ਅਫਸਰਾਂ ਦੇ ਨਾਲ ਵਿਚਾਰ ਵਟਾਂਦਰਾ ਕੀਤਾ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਨੂੰ ਲੈ ਕੇ ਗੰਭੀਰ ਹੈ ਤੇ ਜ਼ਮੀਨੀ ਪੱਧਰ 'ਤੇ ਮਿਲੇ ਫੀਡਬੈਕ ਦੇ ਆਧਾਰ 'ਤੇ ਪੰਜਾਬ ਪੁਲਿਸ ਵਿੱਚ ਵੱਡੇ ਪੱਧਰ ਤੇ ਬਦਲੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ, ਕਈ ਮੁਲਾਜ਼ਮ ਪਿਛਲੇ 10-15 ਸਾਲ ਤੋਂ ਇੱਕ ਹੀ ਪੁਲਿਸ ਥਾਣੇ ਦੇ ਵਿੱਚ ਤਾਇਨਾਤ ਹਨ। ਜਿਸ ਕਾਰਨ ਉਹਨਾਂ ਦੀਆਂ ਰਿਸ਼ਤੇਦਾਰੀਆਂ ਅਤੇ ਯਾਰੀਆਂ ਦੋਸਤੀਆਂ ਵੀ ਉਸੇ ਇਲਾਕੇ ਦੇ ਵਿੱਚ ਹਨ। ਨਤੀਜੇ ਵਜੋਂ ਪੁਲਿਸ ਮੁਲਾਜ਼ਮ ਨਸ਼ਿਆਂ ਦੇ ਮਾਮਲੇ ਵਿੱਚ ਦੋਸ਼ੀਆਂ ਉੱਪਰ ਬਣਦੀ ਕਾਰਵਾਈ ਨਹੀਂ ਕਰਦੇ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸ਼ਿਕਾਇਤ ਕਰਨ ਵਾਲੇ ਅਜੇ ਬਾਅਦ ਵਿੱਚ ਘਰ ਪਹੁੰਚਦੇ ਨੇ ਜਦ ਕਿ ਨਸ਼ੇ ਵੇਚਣ ਵਾਲੇ ਪੁਲਿਸ ਥਾਣੇ 'ਚੋਂ ਛੁੱਟ ਕੇ ਪਹਿਲਾਂ ਆਪਣੇ ਘਰ ਪਹੁੰਚ ਜਾਂਦੇ ਹਨ। ਇਸ ਕਰਕੇ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਸਖਤ ਹਦਾਇਤਾਂ ਦਿੰਦੇ ਹੋਏ ਕਿਹਾ ਹੈ ਕਿ ਮੁਲਾਜ਼ਮਾਂ ਦੀਆਂ ਬਦਲੀਆਂ ਇਲਾਕੇ ਤੋਂ ਦੂਰ ਕੀਤੀਆਂ ਜਾਣ। ਪ੍ਰੈਸ ਕਾਨਫਰੰਸ ਦੇ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਵੀ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਪਹਿਲਾਂ ਹੀ ਵੱਡੇ ਪੱਧਰ 'ਤੇ ਬਦਲੀਆਂ ਕੀਤੀਆਂ ਗਈਆਂ ਹਨ ਤੇ ਹੋਰ ਵੀ ਬਦਲੀਆਂ ਕੀਤੀਆਂ ਜਾਣਗੀਆਂ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਹੈ ਤੇ ਜਲਦ ਹੀ ਬਾਕੀ ਰਹਿੰਦੇ 100 ਦੇ ਕਰੀਬ ਐਸਐਚਓ ਨੂੰ ਵੀ ਨਵੀਆਂ ਗੱਡੀਆਂ ਦਿੱਤੀਆਂ ਜਾਣਗੀਆਂ। ਅੱਗੋਂ ਮੁੱਖ ਮੰਤਰੀ ਨੇ ਕਿਹਾ ਕਿ ਜਲਦ ਹੀ ਪੰਜਾਬ ਪੁਲਿਸ ਦੇ ਵਿੱਚ 10000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ।a