- Updated: February 28, 2024 01:51 PM
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਲਈ ਆਮ ਆਦਮੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ।
ਦਿੱਲੀ ਵਿਚ ਇਕ ਟੀਵੀ ਪ੍ਰੋਗਰਾਮ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਨੇ ਸਵਾਲਾਂ ਦੇ ਜਵਾਬ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ‘ਆਪ’ ਵਿਚ ਸ਼ਾਮਲ ਹੋਣ ਲਈ ਕਿਹਾ ਸੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਪੇਸ਼ਕਸ਼ ਵੀ ਕੀਤੀ ਸੀ। ਉਸ ਸਮੇਂ ਸਿੱਧੂ ਨੇ ਇਨਕਾਰ ਕਰ ਦਿਤਾ ਸੀ। ਉਨ੍ਹਾਂ ਕਿਹਾ ਕਿ ਹੁਣ ਸਾਡੇ ਵਲੋਂ ਵੀ ਸਿੱਧੂ ਨੂੰ ਇਨਕਾਰ ਹੈ। ਉਨ੍ਹਾਂ ਨੂੰ ਪਾਰਟੀ ਵਿਚ ਨਹੀਂ ਲਿਆ ਜਾਵੇਗਾ।
ਇਕ ਹੋਰ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਕੋਈ ਇਮਾਨਦਾਰ ਪਾਰਟੀ ਨਹੀਂ ਹੈ, ਪਿਛਲੇ 70 ਸਾਲਾਂ ਵਿਚ ਹੋਏ ਘੁਟਾਲਿਆਂ ਵਿਚ ਕਾਂਗਰਸ ਦਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਗੱਲ ਦੀ ਕੋਈ ਪਰਵਾਹ ਨਹੀਂ ਕਿ ਆਗੂ ਭ੍ਰਿਸ਼ਟ ਹੈ ਜਾਂ ਗੈਰ-ਭ੍ਰਿਸ਼ਟ, ਇਹ ਭ੍ਰਿਸ਼ਟ ਆਗੂਆਂ ਨੂੰ ਅਪਣੇ ਨਾਲ ਲੈ ਜਾਂਦੀ ਹੈ।