- Updated: July 10, 2023 03:10 PM
ਪੰਜਾਬ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਥਾਂ-ਥਾਂ 'ਤੇ ਪਾਣੀ ਓਵਰਫਲੋ ਹੋ ਗਿਆ ਹੈ ਅਤੇ ਲੋਕਾਂ ਦਾ ਬੁਰਾ ਹਾਲ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਲੋਕ ਕਿਸੇ ਕਿਸਮ ਦੀ ਘਬਰਾਹਟ 'ਚ ਨਾ ਆਉਣ। ਉਹ ਪੰਜਾਬ ਦੇ ਹਰ ਛੋਟੇ-ਵੱਡੇ ਅਧਿਕਾਰੀਆਂ ਨਾਲ ਪੰਜਾਬ ਦੇ ਕੋਨੇ-ਕੋਨੇ ਤੋਂ ਪਾਣੀ ਦੀ ਪਲ-ਪਲ ਦੀ ਜਾਣਕਾਰੀ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੁਦਰਤੀ ਆਫ਼ਤ ਹੈ, ਮਿਲ-ਜੁਲ ਕੇ ਇਸ ਦਾ ਸਾਹਮਣਾ ਕਰਾਂਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਜਿੱਥੇ ਨਹਿਰਾਂ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਅੰਦਰ ਵੜ ਗਿਆ ਹੈ, ਉੱਥੇ ਹੀ ਕਈ ਪਾਸੇ ਵੱਡੇ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ।