- Updated: August 30, 2023 07:47 PM
ਪੰਜਾਬ 'ਚ ਔਰਤਾਂ ਨੂੰ ਰੱਖੜੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਭਰਤੀ ਲਈ 5714 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸ਼ਾ ਵਿੱਚ ਲਾਉਣ ਲਈ ਪੰਜਾਬ ਸਰਕਾਰ ਨੇ 35,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਸਾਰੇ ਮੁਲਾਜ਼ਮਾਂ ਅਤੇ ਵਰਕਰਾਂ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਰਿਕਾਰਡ ਗਿਣਤੀ ਨੌਕਰੀਆਂ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਰਹੀਆਂ ਹਨ। ਆਂਗਣਵਾੜੀ ਵਰਕਰਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਕਿਉਂਕਿ ਉਹ ਛੋਟੀ ਉਮਰ ਵਿੱਚ ਬੱਚਿਆਂ ਦੇ ਭਵਿੱਖ ਦੇ ਨਕਸ਼ ਘੜਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਮੁੱਖ ਮੰਤਰੀ ਨੇ ਇਕੱਠ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਆਂਗਣਵਾੜੀ ਵਰਕਰਾਂ ਦੀ ਭਲਾਈ ਲਈ ਹੋਰ ਅਹਿਮ ਪਹਿਲਕਦਮੀਆਂ ਕਰੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਰੱਖੜੀ ਦੇ ਤਿਉਹਾਰ ਮੌਕੇ ਆਂਗਣਵਾੜੀ ਵਰਕਰਾਂ ਨਾਲ ਸਾਂਝ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਹੁਣ ਧੀਆਂ ਹਰ ਖੇਤਰ ਵਿੱਚ ਲੜਕਿਆਂ ਨੂੰ ਪਛਾੜ ਰਹੀਆਂ ਹਨ ਅਤੇ ਮਾਪਿਆਂ ਨੂੰ ਧੀ ਦਾ ਪਾਲਣ-ਪੋਸ਼ਣ ਕਰਕੇ ਮਾਣ ਮਹਿਸੂਸ ਹੁੰਦਾ ਹੈ। ਲੜਕੀਆਂ ਨੇ ਜ਼ਿੰਦਗੀ ਦੇ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ ਅਤੇ ਸਾਨੂੰ ਸਾਰਿਆਂ ਨੂੰ ਸਮਾਜ ਦੀ ਬਿਹਤਰੀ ਲਈ ਧੀਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਪੰਜਾਬ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੜਕੀਆਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੱਕਾ ਵਿਸ਼ਵਾਸ ਹੈ ਕਿ ਜੇ ਲੜਕੀਆਂ ਨੂੰ ਮੌਕਾ ਦਿੱਤਾ ਜਾਵੇ ਤਾਂ ਉਹ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਸਕਦੀਆਂ ਹਨ।
ਆਪਣੇ ਭ੍ਰਿਸ਼ਟ ਸਾਥੀਆਂ ਦੀ ਹਮਾਇਤ ਵਿੱਚ ਕਲਮ ਛੋੜ ਹੜਤਾਲ ਕਰਨ ਦੀ ਯੋਜਨਾ ਬਣਾ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦਾ ਅਜਿਹਾ ਗੈਰ-ਜ਼ਿੰਮੇਵਾਰਾਨਾ ਵਤੀਰਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਹੜਤਾਲਾਂ ਕਾਰਨ ਲੋਕਾਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਇਕ ਆਂਗਣਵਾੜੀ ਵਰਕਰ ਨੇ ਸਟੇਜ 'ਤੇ ਮੁੱਖ ਮੰਤਰੀ ਨੂੰ ਰੱਖੜੀ ਵੀ ਬੰਨ੍ਹੀ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ. ਤੇ ਕੁਲਦੀਪ ਸਿੰਘ ਧਾਲੀਵਾਲ ਵੀ ਹਾਜ਼ਰ ਸਨ।