- Updated: April 25, 2026 11:20 AM
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਰਾਜ ਸਭਾ ਸੰਸਦ ਮੈਂਬਰਾਂ ਦੇ ਜਾਣ ਤੋਂ ਬਾਅਦ ਪਾਰਟੀ ਦੇ ਕਈ ਨੇਤਾ ਇਨ੍ਹਾਂ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਨ੍ਹਾਂ ਆਗੂਆਂ ‘ਤੇ ਤੰਜ ਕੱਸਿਆ ਹੈ। ਉਨ੍ਹਾਂ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਇਨ੍ਹਾਂ ਬਾਗ਼ੀ ਸੰਸਦ ਮੈਂਬਰਾਂ ‘ਤੇ ਤਿੱਖਾ ਹਮਲਾ ਕੀਤਾ ਹੈ, ਜਿਸ ਵਿੱਚ ਉਨ੍ਹਾਂ ਦੀ ਤੁਲਨਾ ਲਸਣ ਅਤੇ ਮਸਾਲਿਆਂ ਨਾਲ ਕੀਤੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਹੈ ਕਿ, “ਅਦਰਕ, ਲਸਣ, ਜੀਰਾ, ਮੇਥੀ ਪਾਊਡਰ, ਲਾਲ ਮਿਰਚ, ਕਾਲੀ ਮਿਰਚ ਅਤੇ ਧਨੀਆ – ਇਹ 7 ਚੀਜਾਂ ਮਿਲਾ ਕੇ ਸਬਜ਼ੀ ਤਾਂ ਸੁਆਦ ਬਣਦੀ ਏ, ਪਰ ਇਕੱਲੇ ਇਹ ਚੀਜਾਂ ‘ਸਬਜ਼ੀ’ ਨਹੀਂ ਬਣ ਸਕਦੀ।”
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੀਐਮ ਮਾਨ ਨੇ ਪਾਰਟੀ ਛੱਡਣ ਵਾਲੇ ਸੰਸਦ ਮੈਂਬਰਾਂ ਨੂੰ ਗੱਦਾਰ ਦੱਸਿਆ ਸੀ। ਉਨ੍ਹਾਂ ਕਿਹਾ ਕਿ ਪਾਰਟੀ ਵੱਡੀ ਹੈ, ਸੰਗਠਨ ਵੱਡਾ ਹੈ, ਵਿਅਕਤੀ ਨਹੀਂ। ਉਨ੍ਹਾਂ ਕਿਹਾ ਕਿ ਇਨ੍ਹਾਂ ਛੇ-ਸੱਤ ਲੋਕਾਂ ਜੋ ਚਲੇ ਗਏ ਹਨ, ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਇਨ੍ਹਾਂ ਲੋਕਾਂ ਨੇ ਇੱਥੇ ਬੈਠ ਕੇ ਆਪਣੇ ਅਹੁਦੇ ਪ੍ਰਾਪਤ ਕੀਤੇ, ਇਨ੍ਹਾਂ ਨੂੰ ਕਿਸੇ ਤੋਂ ਵੋਟ ਮੰਗਣ ਦੀ ਲੋੜ ਨਹੀਂ ਪਈ। ਉਨ੍ਹਾਂ ਕਿਹਾ ਕਿ ਇਹ ਲੋਕ ਉੱਥੇ ਆਪਣੇ ਸਿਆਸੀ ਹਿੱਤਾਂ ਲਈ ਨਹੀਂ, ਸਗੋਂ ਆਪਣੀਆਂ ਜਾਨਾਂ ਬਚਾਉਣ ਲਈ ਗਏ ਹਨ, ਪਰ ਉੱਥੇ ਵੀ ਉਨ੍ਹਾਂ ਨਾਲ ਕੁਝ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੰਸਦ ਮੈਂਬਰਾਂ ਦੀ ਵਰਤੋਂ ਕੀਤੀ ਜਾਵੇਗੀ ਅਤੇ ਫਿਰ ਉਨ੍ਹਾਂ ਨੂੰ ਕੱਢ ਦਿੱਤਾ ਜਾਵੇਗਾ।

ਦੱਸ ਦੇਈਏ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ 10 ਰਾਜ ਸਭਾ ਸੰਸਦ ਮੈਂਬਰਾਂ ਵਿੱਚੋਂ ਸੱਤ ਨੇ ਕੱਲ੍ਹ (24 ਅਪ੍ਰੈਲ) ਪਾਰਟੀ ਛੱਡ ਦਿੱਤੀ। ਇਨ੍ਹਾਂ ਵਿੱਚੋਂ ਛੇ ਪੰਜਾਬ ਤੋਂ ਹਨ। ਅਸਤੀਫ਼ੇ ਤੋਂ ਬਾਅਦ ਪੰਜਾਬ ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਸ਼ੁੱਕਰਵਾਰ ਸ਼ਾਮ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ, ਉਨ੍ਹਾਂ ਦੇ ਨਾਲ ਸੰਸਦ ਮੈਂਬਰ ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਵੀ ਸਨ। ਚੱਢਾ ਮੁਤਾਬਕ ਹਰਭਜਨ ਸਿੰਘ, ਵਿਕਰਮਜੀਤ ਸਿੰਘ ਸਾਹਨੀ, ਸਵਾਤੀ ਮਾਲੀਵਾਲ ਅਤੇ ਰਾਜੇਂਦਰ ਗੁਪਤਾ ਵੀ ਪਾਰਟੀ ਨਾਲ ਹਨ।
ਇਸ ਦੌਰਾਨ ‘ਆਪ’ ਦੇ ਅੰਦਰ ਸਰਗਰਮੀਆਂ ਵਧ ਗਈਆਂ ਹਨ। ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਕੱਲ੍ਹ ਗੁਜਰਾਤ ਤੋਂ ਵਾਪਸ ਆਏ ਅਤੇ ਦਿੱਲੀ ਹਵਾਈ ਅੱਡੇ ਤੋਂ ਸਿੱਧੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਗਏ। ਇਸ ਤੋਂ ਬਾਅਦ ਪੰਜਾਬ ‘ਆਪ’ ਸਰਕਾਰ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸ਼ਨੀਵਾਰ ਸਵੇਰੇ ਦਿੱਲੀ ਪਹੁੰਚੇ, ਜਿੱਥੇ ਉਹ ਸਿਸੋਦੀਆ ਨਾਲ ਮੁਲਾਕਾਤ ਕਰਨਗੇ।