ਰਤਨ ਟਾਟਾ ਦੇ ਦੇਹਾਂਤ ''ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

 ਰਤਨ ਟਾਟਾ ਦੇ ਦੇਹਾਂਤ ''ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਉੱਘੇ ਉਦਯੋਗਪਤੀ ਰਤਨ ਟਾਟਾ (86) ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ ਆਖਰੀ ਸਾਹ ਲਏ।

ਆਪਣੇ ਸ਼ੋਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਦੇਸ਼ ਵਿਚ ਉਦਯੋਗਿਕ ਵਿਕਾਸ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵਿਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਟਾਟਾ ਸੰਨਜ਼ ਨੂੰ ਇਕ ਗਲੋਬਲ ਪਾਵਰਹਾਊਸ ਬਣਾਉਣ ਲਈ ਰਤਨ ਟਾਟਾ ਦੀ ਸ਼ਲਾਘਾ ਕੀਤੀ ਜਿਸ ਨਾਲ ਦੇਸ਼ ਵਿਚ ਉਦਯੋਗਿਕ ਵਿਕਾਸ ਦੀ ਰਫ਼ਤਾਰ ਵੀ ਤੇਜ਼ ਹੋਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਤਨ ਟਾਟਾ ਦੀ ਸਖ਼ਤ ਮਿਹਨਤ, ਵਚਨਬੱਧਤਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ਵਿਚ ਆਪਣਾ ਸਥਾਨ ਬਣਾਉਣ ਲਈ ਪ੍ਰੇਰਿਤ ਕਰੇਗੀ।

                       Image
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸਿੱਧ ਬਿਜ਼ਨਸ ਟਾਈਕੂਨ ਦੀ ਮੌਤ ਇਕ ਯੁੱਗ ਦੇ ਅੰਤ ਦੀ ਨਿਸ਼ਾਨਦੇਹੀ ਕਰਦੀ ਹੈ ਕਿਉਂਕਿ ਉਨ੍ਹਾਂ ਦੇ ਦੇਹਾਂਤ ਨਾਲ ਪਿਆ ਖਲਾਅ ਨੇੜ ਭਵਿੱਖ ਵਿਚ ਭਰੇ ਜਾਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਭਾਰਤ ਵਿਚ ਉਦਯੋਗਿਕ ਵਿਕਾਸ ਨੂੰ ਢਾਲਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਕਾਰੋਬਾਰੀ ਦੇ ਮੰਦਭਾਗੇ ਦੇਹਾਂਤ ਨਾਲ ਪੂਰਾ ਦੇਸ਼ ਸਦਮੇ ਵਿਚ ਹੈ। ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ ਨੂੰ ਇਸ ਦੁੱਖ ਦੀ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ।