- Updated: January 19, 2026 05:45 PM
ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਤੇ ਪਾਰਟੀ ਦੇ ਅੰਦਰੂਨੀ ਕਾਟੋ-ਕਲੇਸ਼ ਦੇ ਚੱਲਦੇ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੀ ਮੀਟਿੰਗ ਸੱਦ ਲਈ ਹੈ। ਇਹ ਅਹਿਮ ਬੈਠਕ 23 ਜਨਵਰੀ ਨੂੰ ਦਿੱਲੀ ਵਿਚ ਹੋਵੇਗੀ, ਜਿਸ ਵਿਚ ਸ਼ਾਮਲ ਹੋਣ ਲਈ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ। ਸੂਤਰਾਂ ਅਨੁਸਾਰ, ਇਹ ਮੀਟਿੰਗ ਪੰਜਾਬ ਕਾਂਗਰਸ ਵਿਚ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੇ ਕਾਟੋ ਕਲੇਸ਼ ਨੂੰ ਖਤਮ ਕਰਨ ਦੇ ਉਦੇਸ਼ ਨਾਲ ਬੁਲਾਈ ਗਈ ਹੈ। ਪਾਰਟੀ ਹਾਈਕਮਾਨ ਚਾਹੁੰਦੀ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੇ ਆਗੂ ਇੱਕਜੁੱਟ ਹੋ ਕੇ ਮੈਦਾਨ ਵਿਚ ਉਤਰਨ।
ਇਸ ਬੈਠਕ ਵਿਚ ਪੰਜਾਬ ਕਾਂਗਰਸ ਦੇ ਦਿੱਗਜ ਆਗੂ, ਜਿਨ੍ਹਾਂ ਵਿਚ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਹੋਰ ਵੀ ਸੀਨੀਅਰ ਆਗੂ ਮੌਜੂਦ ਰਹਿਣਗੇ। ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਉਲੀਕੀ ਜਾਵੇਗੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।