ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

 ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਚੋਣਾਂ (Lok sabha Election 2024 ) ਤੋਂ ਪਹਿਲਾਂ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ। ਨੇਤਾ ਟਿਕਟ ਲੈਣ ਲਈ ਕੋਸ਼ਿਸ਼ਾਂ ਕਰ ਰਹੇ ਹਨ। ਪਾਰਟੀ ਕਦੇ ਵੀ ਪੰਜਾਬ ਤੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਸਕਦੀ ਹੈ।ਹਾਲਾਂਕਿ ਕਈ ਸੀਟਾਂ ‘ਤੇ ਉਮੀਦਵਾਰ ਦੇਣ ਲਈ ਪਾਰਟੀ ਹਾਈਕਮਾਨ ਨੂੰ ਵੀ ਬਹੁਤ ਮਿਹਨਤ ਕਰਨੀ ਪੈ ਰਹੀ ਹੈ। ਇਸ ਦਰਮਿਆਨ ਕਾਂਗਰਸ ਦੇ ਪੰਜਾਬ ਦੇ ਸਾਂਸਦ ਮਨੀਸ਼ ਤਿਵਾੜੀ, ਅਮਰ ਸਿੰਘ, ਮੁਹੰਮਦ ਸਦੀਕ, ਗੁਰਜੀਤ ਸਿੰਘ ਔਜਲਾ ਤੇ ਜਸਬੀਰ ਸਿੰਘ ਡਿੰਪਾ ਨੇ ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਹੈ।

ਪਤਾ ਲੱਗਾ ਹੈ ਕਿ ਪਾਰਟੀ ਇੰਚਾਰਜ ਦੇਵੇਂਦਰ ਯਾਦਵ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਵਿਚ ਹਨ। ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੀਐੱਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਦਿੱਲੀ ਜਾ ਕੇ ਆਏ ਹਨ। ਇਸ ਤੋਂ ਇਲਾਵਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾੜੀ, ਰਾਣਾ ਗੁਰਜੀਤ ਸਿੰਘ ਵੀ ਦਿੱਲੀ ਵਿਚ ਹਨ।

ਬਲਬੀਰ ਸਿੰਘ ਸਿੱਧੂ ਵੀ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਚੱਕਰ ਵਿਚ ਹਨ। ਇਸ ਤੋਂ ਇਲਾਵਾ ਸਾਬਕਾ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਤੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚ ਗਏ। ਇਸ ਤੋਂ ਇਲਾਵਾ ਹਰ ਹਲਕੇ ਤੋਂ ਨੇਤਾ ਉਥੇ ਗਏ ਹਨ। ਜਲਦ ਹੀ ਉਹ ਇਥੇ ਮੀਟਿੰਗਾਂ ਵਿਚ ਸ਼ਾਮਲ ਹੋਣਗੇ।

ਲੋਕ ਸਭਾ ਚੋਣਾਂ (Lok sabha Election 2024 ) ਨੂੰ ਲੈ ਕੇ ਪੰਜਾਬ 'ਚ ਵੱਖ -ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿਤੀਆ ਹਨ। ਇਸ ਦੇ ਲਈ ਆਮ ਆਦਮੀ ਪਾਰਟੀ (AAP )  ਅਤੇ ਭਾਜਪਾ ਨੇ ਆਪਣੇ ਕੁੱਝ ਹਲਕਿਆਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ,ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਅਜੇ ਤੱਕ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ। 

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਉਹ ਇਸ ਵੇਲੇ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਹਨ। ਇਸ ਤੋਂ ਪਹਿਲਾਂ ਵੀ ਉਹ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਉੱਪਰ ਲੋਕ ਸਭਾ ਮੈਂਬਰ ਚੁਣੇ ਜਾ ਚੁੱਕੇ ਹਨ।