ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਹੋਈ ਝੜਪ; ਇਕ ਪੁਲਿਸ ਕਾਂਸਟੇਬਲ ਦੀ ਮੌਤ 

 ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਹੋਈ ਝੜਪ; ਇਕ ਪੁਲਿਸ ਕਾਂਸਟੇਬਲ ਦੀ ਮੌਤ 

ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ 'ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ 2 ਧੜਿਆਂ 'ਚ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜ਼ਿਲ੍ਹਾ ਕਪੂਰਥਲਾ ਦੀ ਪੁਲਿਸ ਵਲੋਂ ਮਾਮਲੇ ਨੂੰ ਸੁਲ਼ਝਾਉਣ ਲਈ ਯਤਨ ਕੀਤੇ ਜਾ ਰਹੇ ਸਨ ਪਰ ਇਸ ਦੌਰਾਨ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਅਤੇ ਦੋਵੇਂ ਪਾਸਿਉਂ ਫਾਇਰਿੰਗ ਕੀਤੀ ਗਈ, ਜਿਸ ਦੇ ਚਲਦਿਆਂ ਇਕ ਪੁਲਿਸ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ 5 ਪੁਲਿਸ ਮੁਲਾਜ਼ਮ ਜ਼ਖ਼ਮੀ ਦੱਸੇ ਜਾ ਰਹੇ ਹਨ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।

                         Image
ਦਸਿਆ ਜਾ ਰਿਹਾ ਹੈ ਕਿ ਇਸ ਗੁਰਦੁਆਰੇ ਅਤੇ ਛਾਉਣੀ 'ਤੇ ਪਿਛਲੇ 30-40 ਸਾਲ ਤੋਂ ਬੁੱਢਾ ਦਲ ਦੇ ਬਾਬਾ ਮਾਨ ਸਿੰਘ ਤੇ ਲਾਲ ਸਿੰਘ ਕਾਬਜ਼ ਸਨ ਪਰ 3-4 ਸਾਲ ਤੋਂ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ ਦੇ ਧੜੇ ਨੇ ਕਬਜ਼ਾ ਕੀਤਾ ਹੋਇਆ ਸੀ ਤੇ 21 ਨਵੰਬਰ ਨੂੰ ਮੁੜ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਮਾਨ ਸਿੰਘ ਅਕਾਲੀ ਹਜ਼ੂਰ ਸਾਹਿਬ ਵਾਲਿਆਂ ਦੇ ਧੜੇ ਵਲੋਂ ਛਾਉਣੀ 'ਤੇ ਕਬਜ਼ਾ ਕਰ ਲਿਆ ਗਿਆ । ਇਸ ਦੌਰਾਨ ਦੋਹਾਂ ਧੜਿਆਂ ਵਿਚ ਟਕਰਾਅ ਹੋ ਗਿਆ, ਜਿਸ ਕਾਰਨ ਦੋ ਨਿਹੰਗ ਸਿੰਘ ਜ਼ਖ਼ਮੀ ਹੋ ਗਏ ਸਨ।

ਇਸ ਝੜਪ ਦੀ ਸੂਚਨਾ ਮਿਲਦਿਆਂ ਹੀ ਐਸਡੀਐਮ ਸੁਲਤਾਨਪੁਰ ਲੋਧੀ ਜਸਪ੍ਰੀਤ ਸਿੰਘ, ਐਸਪੀ-ਹੈਡਕੁਆਟਰ ਤੇਜਵੀਰ ਸਿੰਘ ਹੁੰਦਲ, ਡੀਐਸਪੀ ਬਬਨਦੀਪ ਸਿੰਘ ਅਤੇ ਕਰੀਬ 200 ਪੁਲਿਸ ਮੁਲਾਜ਼ਮ ਉਥੇ ਪਹੁੰਚ ਗਏ ਅਤੇ ਪੂਰਾ ਇਲਾਕਾ ਛਾਉਣੀ ਵਿਚ ਤਬਦੀਲ ਹੋ ਗਿਆ। ਉਦੋਂ ਤੋਂ ਹੀ ਪ੍ਰਸ਼ਾਸਨ ਸਥਿਤੀ 'ਤੇ ਕਾਬੂ ਪਾਉਣ ਲਈ ਵਿਵਾਦ ਨੂੰ ਸੁਲਝਾਉਣ 'ਚ ਲੱਗਿਆ ਹੋਇਆ ਸੀ।