- Updated: September 21, 2024 10:14 AM
ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ 'ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ 'ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ।
ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ।