ਆਂਧਰਾ ਪ੍ਰਦੇਸ਼ ਦੇ ਤਟ ਨਾਲ ਤੂਫ਼ਾਨ ਅਰਨਬ ਟਕਰਾਇਆ

ਆਂਧਰਾ ਪ੍ਰਦੇਸ਼ ਦੇ ਤਟ ਨਾਲ ਤੂਫ਼ਾਨ ਅਰਨਬ ਟਕਰਾਇਆ

ਚੱਕਰਵਾਤੀ ਤੂਫ਼ਾਨ ‘ਅਰਨਬ’ ਮੰਗਲਵਾਰ ਦੇਰ ਰਾਤ ਸਾਢੇ ਤਿੰਨ ਵਜੇ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ। ਤੂਫ਼ਾਨ ਦੌਰਾਨ 125 ਤੋਂ 135 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲੀਆਂ। ਇਸ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ, ਅਨਕਾਪੱਲੀ, ਕਾਕੀਨਾਡਾ ਅਤੇ ਕੋਨਸੀਮਾ ਵਿੱਚ ਭਾਰੀ ਮੀਂਹ ਪੈ ਰਿਹਾ ਹੈ । ਨੀਵੇਂ ਇਲਾਕਿਆਂ ਵਿੱਚ ਹੜ੍ਹ ਦੇ ਖ਼ਤਰੇ ਨੂੰ ਦੇਖਦਿਆਂ ਹਜ਼ਾਰਾਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

ਤੂਫ਼ਾਨ ਕਾਰਨ 50 ਰੇਲਗੱਡੀਆਂ ਅਤੇ ਵਿਜੈਵਾੜਾ ਤੇ ਵਿਸ਼ਾਖਾਪਟਨਮ ਹਵਾਈ ਅੱਡਿਆਂ ਤੋਂ ਆਉਣ-ਜਾਣ ਵਾਲੀਆਂ 21 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ 4,000 ਚੱਕਰਵਾਤੀ ਤੂਫ਼ਾਨ ਰਾਹਤ ਕੇਂਦਰ ਬਣਾਏ ਗਏ ਹਨ। ਓਡੀਸ਼ਾ ਵਿੱਚ ਵੀ ਭਾਰੀ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਇੱਥੇ 16 ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ 30 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਤੂਫ਼ਾਨ ਦਾ ਅਸਰ ਸਿਰਫ਼ ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਤੱਕ ਹੀ ਸੀਮਤ ਨਹੀਂ ਰਹੇਗਾ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਬਿਹਾਰ, ਉੱਤਰ ਪ੍ਰਦੇਸ਼, ਝਾਰਖੰਡ ਅਤੇ ਤੇਲੰਗਾਨਾ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ।