ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਧਮਕੀ, ਪੁਲਸ ਨੇ ਸੁਰੱਖਿਆ ਕੀਤੀ ਸਖ਼ਤ

ਫ਼ਰੀਦਕੋਟ ਡੀਸੀ ਦਫ਼ਤਰ ਨੂੰ ਮਿਲੀ ਧਮਕੀ, ਪੁਲਸ ਨੇ ਸੁਰੱਖਿਆ ਕੀਤੀ ਸਖ਼ਤ

ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਸਥਿਤ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਨੂੰ ਮੰਗਲਵਾਰ ਦੁਪਹਿਰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਜ਼ਿਲ੍ਹਾ ਪੁਲਸ ਅਤੇ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਧਮਕੀ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਵੱਲੋਂ ਤੁਰੰਤ ਮਿੰਨੀ ਸਕੱਤਰੇਤ ਕੰਪਲੈਕਸ ਨੂੰ ਖਾਲੀ ਕਰਵਾ ਕੇ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜਾਣਕਾਰੀ ਅਨੁਸਾਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜੀ ਗਈ ਧਮਕੀ ਭਰੀ ਈ-ਮੇਲ ਕਥਿਤ ਤੌਰ ’ਤੇ ‘ਖਾਲਿਸਤਾਨ ਨੈਸ਼ਨਲ ਆਰਮੀ’ ਦੇ ਨਾਮ ਨਾਲ ਭੇਜੀ ਗਈ ਸੀ। ਈ-ਮੇਲ ਪ੍ਰਾਪਤ ਹੁੰਦੇ ਹੀ ਇਸ ਦੀ ਸੂਚਨਾ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਪੁਲਸ ਨੇ ਮਿੰਨੀ ਸਕੱਤਰੇਤ ਵਿਚ ਮੌਜੂਦ ਅਧਿਕਾਰੀਆਂ, ਕਰਮਚਾਰੀਆਂ ਅਤੇ ਆਪਣੇ ਕੰਮਕਾਜ ਲਈ ਆਏ ਆਮ ਲੋਕਾਂ ਨੂੰ ਤੁਰੰਤ ਸੁਰੱਖਿਅਤ ਬਾਹਰ ਕੱਢ ਦਿੱਤਾ।

ਸੂਚਨਾ ਮਿਲਦੇ ਹੀ ਡੀਐੱਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਭਾਰੀ ਪੁਲਸ ਬਲ ਮੌਕੇ ’ਤੇ ਪਹੁੰਚਿਆ। ਪੁਲਸ ਦੀ ਐਂਟੀ-ਸੈਬੋਟਾਜ ਟੀਮ ਅਤੇ ਡੌਗ ਸਕੁਐਡ ਦੀ ਮਦਦ ਨਾਲ ਮਿੰਨੀ ਸਕੱਤਰੇਤ ਦੇ ਪੂਰੇ ਕੰਪਲੈਕਸ, ਡੀ.ਸੀ. ਦਫ਼ਤਰ ਦੀ ਮੁੱਖ ਇਮਾਰਤ, ਆਲੇ-ਦੁਆਲੇ ਦੇ ਖੇਤਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਸ ਟੀਮਾਂ ਵੱਲੋਂ ਕਾਫ਼ੀ ਸਮੇਂ ਤੱਕ ਚੱਪਾ-ਚੱਪਾ ਖੰਗਾਲਿਆ ਗਿਆ ਪਰ ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਬਰਾਮਦ ਨਹੀਂ ਹੋਈ।

ਇਸ ਮੌਕੇ ਡੀਐੱਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਈ-ਮੇਲ ਰਾਹੀਂ ਮਿਲੀ ਧਮਕੀ ਨੂੰ ਪੁਲਸ ਵੱਲੋਂ ਬੇਹੱਦ ਗੰਭੀਰਤਾ ਨਾਲ ਲਿਆ ਗਿਆ ਅਤੇ ਤੁਰੰਤ ਸੁਰੱਖਿਆ ਦੇ ਲੋੜੀਂਦੇ ਕਦਮ ਚੁੱਕੇ ਗਏ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਅਤੇ ਫ਼ਰੀਦਕੋਟ ਵਿਚ ਅਜਿਹੀਆਂ ਝੂਠੀਆਂ ਧਮਕੀਆਂ ਮਿਲਦੀਆਂ ਰਹੀਆਂ ਹਨ ਪਰ ਪੁਲਸ ਪ੍ਰਸ਼ਾਸਨ ਕਿਸੇ ਵੀ ਧਮਕੀ ਜਾਂ ਸੂਚਨਾ ਨੂੰ ਹਲਕੇ ਵਿਚ ਨਹੀਂ ਲੈਂਦਾ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਂਦੇ ਹਨ। ਡੀਐੱਸਪੀ ਨੇ ਦੱਸਿਆ ਕਿ ਫਿਲਹਾਲ ਤਲਾਸ਼ੀ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਸਾਵਧਾਨੀ ਵਜੋਂ ਮਿੰਨੀ ਸਕੱਤਰੇਤ ਅਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਪੁਲਸ ਵੱਲੋਂ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਧਮਕੀ ਭਰੀ ਈ-ਮੇਲ ਭੇਜਣ ਵਾਲੇ ਸ਼ਰਾਰਤੀ ਤੱਤਾਂ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਸ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਬਰਾਉਣ ਦੀ ਬਜਾਏ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।