ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਚ ਲਏ ਗਏ ਕਈ ਮਹੱਤਵਪੂਰਨ ਫ਼ੈਸਲੇ,ਜਾਣੋ

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਚ ਲਏ ਗਏ ਕਈ ਮਹੱਤਵਪੂਰਨ ਫ਼ੈਸਲੇ,ਜਾਣੋ

ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਜਿੱਥੇ ਵਿਧਾਨ ਸਭਾ ਇਜਲਾਸ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ, ਉੱਥੇ ਹੀ ਕਈ ਹੋਰ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ। ਕੈਬਨਿਟ ਨੇ ਪੰਜਾਬ ਰਾਜ 'ਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਚਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਖ਼ਿਲਾਫ਼ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਪੀ. ਐੱਸ. ਐੱਸ. ਡਬਲਿਯੂ. ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ
ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ. ਐੱਸ. ਐੱਸ. ਡਬਲਿਯੂ. ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ 'ਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ. ਸੀ. ਡੀ. ਐੱਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ 'ਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ
ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।