ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਜਿਸਦੇ ਚੱਲਦੇ ਦੋ ਯਾਤਰੀ ਕੀਤੇ ਗ੍ਰਿਫਤਾਰ

ਦਿੱਲੀ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਜਿਸਦੇ ਚੱਲਦੇ ਦੋ ਯਾਤਰੀ ਕੀਤੇ ਗ੍ਰਿਫਤਾਰ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਭ ਤੋਂ ਵਿਅਸਤ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਉਡਾਉਣ ਦੀ ਧਮਕੀ ਦੋ ਯਾਤਰੀਆਂ ਨੂੰ ਮਹਿੰਗੀ ਸਾਬਤ ਹੋਈ ਹੈ। ਦਰਅਸਲ, ਪੁਲਿਸ ਨੇ ਧਮਕੀ ਦੇਣ ਵਾਲੇ ਦੋ ਯਾਤਰੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ਨੇ ਆਈਜੀਆਈ ਏਅਰਪੋਰਟ ਨੂੰ ਪਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਸੀ।

ਦਿੱਲੀ ਪੁਲਿਸ ਨੇ ਇਹ ਜਾਣਕਾਰੀ ਮੀਡੀਆ ਨੂੰ ਦਿਤੀ ਹੈ। ਪੁਲਿਸ ਮੁਤਾਬਕ 5 ਅਪ੍ਰੈਲ ਨੂੰ ਆਈਜੀਆਈ ਏਅਰਪੋਰਟ 'ਤੇ ਜਹਾਜ਼ 'ਚ ਸਵਾਰ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ। ਇਸ ਦੌਰਾਨ ਦੋ ਯਾਤਰੀਆਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਹਵਾਈ ਅੱਡੇ ਨੂੰ ਪ੍ਰਮਾਣੂ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ।

ਇਸ ਤੋਂ ਬਾਅਦ ਧਮਕੀ ਦੇਣ ਵਾਲੇ ਦੋਵੇਂ ਯਾਤਰੀਆਂ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੇ ਅਜਿਹਾ ਕਿਉਂ ਕਿਹਾ। ਇਸ ਦੇ ਨਾਲ ਹੀ ਏਅਰਪੋਰਟ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਧਾਰਾ 182/505(1)ਬੀ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਦੋਵਾਂ ਯਾਤਰੀਆਂ ਦੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ ਹੈ।