ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ’ਚ ਮੁੜ ਛੇੜਛਾੜ, ਸ਼ੀਸ਼ੇ ਤੋੜੇ

ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ’ਚ ਮੁੜ ਛੇੜਛਾੜ, ਸ਼ੀਸ਼ੇ ਤੋੜੇ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਸਥਾਪਿਤ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਇੱਕ ਵਾਰ ਫਿਰ ਛੇੜਛਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ।

ਜਾਣਕਾਰੀ ਅਨੁਸਾਰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਸੁਰੱਖਿਆ ਲਈ ਲਗਾਏ ਗਏ ਸ਼ੀਸ਼ੇ ਤੋੜੇ ਹੋਏ ਮਿਲੇ। ਦੱਸਿਆ ਜਾ ਰਿਹਾ ਹੈ ਕਿ ਇਸ ਤਰ੍ਹਾਂ ਦੀ ਘਟਨਾ ਪਹਿਲਾਂ ਵੀ ਦੋ ਵਾਰ ਵਾਪਰ ਚੁੱਕੀ ਹੈ ਅਤੇ ਹੁਣ ਤੀਜੀ ਵਾਰ ਅਜਿਹੀ ਹਰਕਤ ਸਾਹਮਣੇ ਆਉਣ ਕਾਰਨ ਐੱਸਸੀ ਸਮਾਜ ਸਮੇਤ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਕੁਝ ਵਿਅਕਤੀ ਜਲੰਧਰ ਬਾਈਪਾਸ ਚੌਂਕ ਵਿੱਚੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੀ ਨਜ਼ਰ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਆਲੇ-ਦੁਆਲੇ ਲੱਗੇ ਟੁੱਟੇ ਹੋਏ ਸ਼ੀਸ਼ਿਆਂ ’ਤੇ ਪਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਚਰਚਾ ਸ਼ੁਰੂ ਹੋ ਗਈ। ਲੋਕਾਂ ਵੱਲੋਂ ਘਟਨਾ ਦੀਆਂ ਜਾਣਕਾਰੀਆਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ, ਜਿਸ ਤੋਂ ਬਾਅਦ ਵੱਖ-ਵੱਖ ਸਮਾਜਿਕ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਮੌਕੇ ’ਤੇ ਪਹੁੰਚਣੇ ਸ਼ੁਰੂ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਣ ’ਤੇ ਸੀਨੀਅਰ ਐਡਵੋਕੇਟ ਨਰਿੰਦਰ ਆਦੀਆ, ਬਲਵਿੰਦਰ ਬਿੱਟਾ ਅਤੇ ਨਰੇਸ਼ ਬਸਰਾ ਸਮੇਤ ਹੋਰ ਸਮਾਜਿਕ ਆਗੂ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਆਗੂਆਂ ਨੇ ਕਿਹਾ ਕਿ ਸੰਵਿਧਾਨ ਨਿਰਮਾਤਾ ਅਤੇ ਕਰੋੜਾਂ ਲੋਕਾਂ ਦੇ ਮਸੀਹਾ ਭਾਰਤ ਰਤਨ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਵਾਰ-ਵਾਰ ਅਜਿਹੀਆਂ ਘਟਨਾਵਾਂ ਵਾਪਰਨਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਬਾਬਾ ਸਾਹਿਬ ਸਿਰਫ਼ ਇੱਕ ਮਹਾਨ ਸ਼ਖ਼ਸੀਅਤ ਹੀ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ, ਸਮਾਨਤਾ, ਨਿਆਂ ਅਤੇ ਸਮਾਜਿਕ ਅਧਿਕਾਰਾਂ ਦੇ ਪ੍ਰਤੀਕ ਹਨ। ਉਨ੍ਹਾਂ ਦੀ ਪ੍ਰਤਿਮਾ ਨਾਲ ਇਸ ਤਰ੍ਹਾਂ ਦੀ ਛੇੜਛਾੜ ਕਰਨਾ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਾਰਵਾਈ ਹੈ।

ਸਮਾਜਿਕ ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਇਸ ਸਥਾਨ ’ਤੇ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਤਾਂ ਫਿਰ ਸਬੰਧਤ ਵਿਭਾਗਾਂ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ? ਵਾਰ-ਵਾਰ ਅਜਿਹੀਆਂ ਘਟਨਾਵਾਂ ਵਾਪਰਨਾ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਵੀ ਸਵਾਲੀਆ ਨਿਸ਼ਾਨ ਲਗਾਉਂਦਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਮਹਾਨ ਸ਼ਖ਼ਸੀਅਤ ਦੀ ਪ੍ਰਤਿਮਾ ਦੀ ਸੁਰੱਖਿਆ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਨੂੰ ਹਲਕੇ ਵਿੱਚ ਨਹੀਂ ਲਿਆ ਜਾਣਾ ਚਾਹੀਦਾ। ਜੇਕਰ ਸਮੇਂ ਸਿਰ ਸਖ਼ਤ ਕਦਮ ਚੁੱਕੇ ਜਾਣ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ।

ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾਵੇ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਪ੍ਰਤਿਮਾ ਦੇ ਆਲੇ-ਦੁਆਲੇ ਸੁਰੱਖਿਆ ਦੇ ਪੱਕੇ ਪ੍ਰਬੰਧ ਕਰਨ ਅਤੇ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰਨ ਨੂੰ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ।

ਉਨ੍ਹਾਂ ਸਪੱਸ਼ਟ ਕੀਤਾ ਕਿ ਬਾਬਾ ਸਾਹਿਬ ਦਾ ਸਨਮਾਨ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜਿਕ ਸਦਭਾਵਨਾ ਪ੍ਰਭਾਵਿਤ ਹੋ ਸਕਦੀ ਹੈ, ਇਸ ਲਈ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਨੀ ਚਾਹੀਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਵਾਰ ਕਿੰਨੀ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰਦਾ ਹੈ ਅਤੇ ਬਾਬਾ ਸਾਹਿਬ ਦੀ ਪ੍ਰਤਿਮਾ ਦੀ ਸੁਰੱਖਿਆ ਲਈ ਕੀ ਠੋਸ ਕਦਮ ਚੁੱਕੇ ਜਾਂਦੇ ਹਨ।