ਰਣਜੀਤ ਸਾਗਰ ਡੈਮ ‘ਤੇ ਪਹੁੰਚੇ CM ਮਾਨ ਦਾ ਐਲਾਨ-‘ਧਾਰ ਕਲਾਂ ਨੂੰ ਬਣਾਇਆ ਜਾਏਗਾ ਟੂਰਿਸਟ ਕੇਂਦਰ’

ਰਣਜੀਤ ਸਾਗਰ ਡੈਮ ‘ਤੇ ਪਹੁੰਚੇ CM ਮਾਨ ਦਾ ਐਲਾਨ-‘ਧਾਰ ਕਲਾਂ ਨੂੰ ਬਣਾਇਆ ਜਾਏਗਾ ਟੂਰਿਸਟ ਕੇਂਦਰ’

ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਰਣਜੀਤ ਸਾਗਰ ਡੈਮ ਦਾ ਦੌਰਾ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਇਸ ਇਲਾਕੇ ਦੇ ਆਲੇ-ਦੁਆਲੇ ਦੇ ਖੇਤਰ ਖਾਸ ਕਰਕੇ ਧਾਰ ਕਲਾਂ ਬਲਾਕ ਨੂੰ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਇਸ ਇਲਾਕੇ ਨੂੰ ਵੱਡੇ ਪੱਧਰ ਦੀ ਰਮਣੀਕ ਸੈਰਗਾਹ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਠੋਸ ਉਪਰਾਲੇ ਕੀਤੇ ਜਾਣਗੇ।

ਸੀ.ਐੱਮ. ਮਾਨ ਨੇ ਕਿਹਾ ਕਿ ਇਲਾਕੇ ਵਿੱਚ ਸੈਰ-ਸਪਾਟੇ ਦੀਆਂ ਬੇਸ਼ੁਮਾਰ ਸੰਭਾਵਨਾਵਾਂ ਮੌਜੂਦ ਹਨ ਅਤੇ ਕੁਦਰਤੀ ਸੁੰਦਰਤਾ ਵਾਲੀ ਇਸ ਰਮਣੀਕ ਧਰਤੀ ਨੂੰ ਹੁਣ ਸੈਲਾਨੀਆਂ ਲਈ ਖਿੱਚ ਦੇ ਕੇਂਦਰ ਵਜੋਂ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਮੁੱਚੇ ਖੇਤਰ ਦੇ ਵਿਕਾਸ ਲਈ ਵਿਸਥਾਰਤ ਖਾਕਾ ਤਿਆਰ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਸੈਰ-ਸਪਾਟਾ ਖੇਤਰ ਨੂੰ ਵੱਡਾ ਹੁਲਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਇਹ ਇਲਾਕਾ ਕੁਦਰਤੀ ਸੋਮਿਆਂ ਨਾਲ ਭਰਪੂਰ ਹੈ ਜੋ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦਾ ਹੈ।

ਸੀ.ਐੱਮ. ਮਾਨ ਨੇ ਕਿਹਾ ਕਿ ਇਸ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਤਾਂ ਜੋ ਲੋਕਾਂ ਦੇ ਜੀਵਨ ਵਿੱਚ ਤਬਦੀਲੀ ਲਿਆਂਦੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਾਟਰ ਸਪੋਰਟਸ ਨੂੰ ਉਤਸ਼ਾਹਿਤ ਕਰਨ ਲਈ ‘ਵਾਟਰ ਐਡਵੈਂਚਰ ਟੂਰਿਜ਼ਮ ਨੀਤੀ’ ਨੂੰ ਪਹਿਲਾਂ ਹੀ ਹਰੀ ਝੰਡੀ ਦੇ ਦਿੱਤੀ ਹੈ ਜਿਸ ਨੂੰ ਇੱਥੇ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਖੇਤਰ ਪੰਜਾਬ ਨੂੰ ਅੰਤਰਰਾਸ਼ਟਰੀ ਸੈਰ ਸਪਾਟੇ ਦੇ ਨਕਸ਼ੇ ‘ਤੇ ਹੋਰ ਉਭਾਰਨ ਲਈ ਅਹਿਮ ਭੂਮਿਕਾ ਨਿਭਾ ਸਕਦਾ ਹੈ।