DM ਰੰਧਾਵਾ ਦੇ ਪਰਿਵਾਰ ਨੇ ਕੀਤੀ ਇਹ ਵੱਡੀ ਮੰਗ

DM ਰੰਧਾਵਾ ਦੇ ਪਰਿਵਾਰ ਨੇ ਕੀਤੀ ਇਹ ਵੱਡੀ ਮੰਗ

ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਮਾਮਲੇ 'ਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਈ ਗੰਭੀਰ ਦੋਸ਼ ਲਗਾਏ ਗਏ ਹਨ। ਪਰਿਵਾਰ ਨੇ ਮੀਡੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਣ ਵਿੱਚ ਮੀਡੀਆ ਦਾ ਯੋਗਦਾਨ ਮਹੱਤਵਪੂਰਨ ਹੈ।ਪਰਿਵਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਸੈਕਟਰੀ ਪੱਧਰ ਦੀ ਜਾਂਚ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਉਸਦਾ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਨਾ ਤਾਂ ਸਰਕਾਰ ਵੱਲੋਂ ਪਰਿਵਾਰ ਨਾਲ ਸੰਪਰਕ ਕੀਤਾ ਅਤੇ ਨਾ ਹੀ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ।

ਪਰਿਵਾਰ ਦੇ ਅਨੁਸਾਰ ਇਹ ਮਾਮਲਾ ਵਿੱਤੀ ਗੜਬੜ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਕੁਝ ਵਿਅਕਤੀਆਂ ਨੇ ਮਿਲ ਕੇ ਗਗਨਦੀਪ ਸਿੰਘ ਰੰਧਾਵਾ ਨੂੰ ਟੈਂਡਰਾਂ ਦੇ ਮਾਮਲੇ ਵਿੱਚ ਤੰਗ ਕੀਤਾ ਅਤੇ ਆਖ਼ਿਰਕਾਰ ਉਨ੍ਹਾਂ ਨੂੰ ਅਜਿਹੇ ਹਾਲਾਤਾਂ ਵਿੱਚ ਧੱਕਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ED ਜਾਂਚ ਦੀ ਵੀ ਮੰਗ ਕੀਤੀ ਗਈ ਹੈ ਤਾਂ ਜੋ ਪੈਸੇ ਦੇ ਲੈਣ ਦੇਣ ਅਤੇ ਜਾਇਦਾਦ ਦੀ ਪੂਰੀ ਜਾਂਚ ਹੋ ਸਕੇ।

ਪਰਿਵਾਰ ਨੇ ਦੱਸਿਆ ਕਿ ਹੁਣ ਤੱਕ ਸਿਰਫ਼ ਇੱਕ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ, ਜਦਕਿ ਬਾਕੀ ਦੋਸ਼ੀ ਅਜੇ ਵੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਦੋਸ਼ੀਆਂ ਦੇ ਪਰਿਵਾਰ ਵੱਲੋਂ ਰਾਜੀਨਾਮੇ ਲਈ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਵੱਲੋਂ ਕੁਝ ਕਾਰਵਾਈ ਕੀਤੀ ਗਈ ਹੈ ਅਤੇ ਕੁਝ ਨਵੀਆਂ ਧਾਰਾਵਾਂ ਵੀ ਜੋੜੀਆਂ ਗਈਆਂ ਹਨ, ਪਰ ਇਹ ਕਾਫ਼ੀ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇ ਸਰਕਾਰ ਨੂੰ ਮੁਲਜ਼ਮ ਦੀ ਬੇਗੁਨਾਹੀ ‘ਤੇ ਯਕੀਨ ਸੀ ਤਾਂ ਤੁਰੰਤ CBI ਜਾਂਚ ਲਈ ਸਹਿਮਤੀ ਦੇਣੀ ਚਾਹੀਦੀ ਸੀ।

ਪਰਿਵਾਰ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ CBI ਜਾਂਚ ਕਰਵਾਈ ਜਾਵੇ ਅਤੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਇਨਸਾਫ ਨਾ ਮਿਲਿਆ ਤਾਂ ਉਹ ਸੜਕਾਂ ‘ਤੇ ਉਤਰ ਕੇ ਧਰਨਾ ਦੇਣਗੇ ਅਤੇ ਜਨਤਾ ਤੋਂ ਵੀ ਸਾਥ ਦੀ ਅਪੀਲ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਨਾ ਹੋਈ ਤਾਂ ਭਵਿੱਖ ਵਿੱਚ ਕਿਸੇ ਵੀ ਸਰਕਾਰੀ ਅਧਿਕਾਰੀ ਨੂੰ ਇਨਸਾਫ ਮਿਲਣਾ ਮੁਸ਼ਕਿਲ ਹੋ ਸਕਦਾ ਹੈ।