- Updated: September 09, 2024 01:20 PM
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਾਹਿਬਾਨਾਂ ਵੱਲੋਂ ਕੀਤੀ ਹਦਾਇਤ ਦੀ ਪਾਲਣਾ ਕਰਦਿਆਂ ਅੱਜ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ ਸੌਂਪ ਦਿੱਤਾ ਹੈ। ਦੱਸ ਦੇਈਏ ਇਸ ਤੋਂ ਇਲਾਵਾ ਅੱਜ ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢਿੰਡਸਾ ਵੀ ਅਕਾਲ ਤਖ਼ਤ ਪੇਸ਼ ਹੋ ਕੇ ਸਪੱਸ਼ਟੀਕਰਨਦੇਣਗੇ।
ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ ਅਤੇ ਬਿਕਰਮ ਸਿੰਘ ਮਜੀਠੀਆ ਨੇ ਵੀ ਆਪੋ ਆਪਣੇ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਬੀਤੀ 30 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਦੇ ਨਾਲ ਅਕਾਲੀ ਸਰਕਾਰਾਂ ਸਮੇਂ ਕੈਬਨਿਟ ਮੰਤਰੀ ਰਹੇ ਅਕਾਲੀ ਆਗੂਆਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਦਿੱਤੇ ਸਨ। ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਪਹਿਲਾਂ ਹੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਦੇ ਚੁੱਕੇ ਹਨ।