- Updated: May 18, 2026 06:10 PM
ਪੰਜਾਬ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਪਟਿਆਲਾ (ਸੀ.ਆਈ. ਯੂਨਿਟ, ਮਲੇਰਕੋਟਲਾ) ਨੇ ਜਾਅਲੀ ਭਾਰਤੀ ਕਰੰਸੀ (FICN) ਖਿਲਾਫ ਇਕ ਵੱਡੀ ਸਫਲਤਾ ਹਾਸਲ ਕਰਦਿਆਂ ਇਕ ਨਕਲੀ ਕਰੰਸੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਵੱਲੋਂ ਕੀਤੀ ਗਈ ਇਸ ਛਾਪੇਮਾਰੀ ਦੌਰਾਨ ਮੁਲਜ਼ਮਾਂ ਕੋਲੋਂ 5.50 ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਨਕਲੀ ਨੋਟ 500-500 ਰੁਪਏ ਦੇ ਹਨ।
ਪੁਲਸ ਦੀ ਮੁੱਢਲੀ ਜਾਂਚ ਵਿਚ ਇਹ ਤੱਥ ਸਾਹਮਣੇ ਆਇਆ ਹੈ ਕਿ ਫੜੇ ਗਏ ਚਾਰ ਮੁਲਜ਼ਮਾਂ ਵਿਚੋਂ ਇਕ ਮੁਲਜ਼ਮ ਪਹਿਲਾਂ ਵੀ NDPS ਐਕਟ (ਨਸ਼ਾ ਤਸਕਰੀ) ਦੇ ਇਕ ਮਾਮਲੇ ਵਿਚ ਨਾਮਜ਼ਦ ਹੈ। ਇਸ ਸਬੰਧੀ ਥਾਣਾ ਹਿੰਮਤਾਨਾ, ਮਲੇਰਕੋਟਲਾ ਵਿਖੇ ਭਾਰਤੀ ਨਿਆ ਸੰਹਿਤਾ (BNS) ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਹੁਣ ਇਸ ਨੈੱਟਵਰਕ ਦੇ 'ਫਾਰਵਰਡ ਅਤੇ ਬੈਕਵਰਡ ਲਿੰਕ' ਦੀ ਜਾਂਚ ਕਰ ਰਹੀ ਹੈ ਤਾਂ ਜੋ ਇਸ ਗਿਰੋਹ ਦੇ ਪੂਰੇ ਨੈੱਟਵਰਕ ਨੂੰ ਤੋੜਿਆ ਜਾ ਸਕੇ।