ਦਿੱਲੀ ਸਰਕਾਰ ਨੇ ਬਵਾਨਾ ਸਟੇਡੀਅਮ ਨੂੰ ਜੇਲ ਵਿਚ ਬਦਲਣ ਸਬੰਧੀ ਕੇਂਦਰ ਦੀ ਤਜਵੀਜ਼ ਨੂੰ ਕੀਤਾ ਰੱਦ

ਦਿੱਲੀ ਸਰਕਾਰ ਨੇ ਬਵਾਨਾ ਸਟੇਡੀਅਮ ਨੂੰ ਜੇਲ ਵਿਚ ਬਦਲਣ ਸਬੰਧੀ ਕੇਂਦਰ ਦੀ ਤਜਵੀਜ਼ ਨੂੰ ਕੀਤਾ ਰੱਦ

ਦਿੱਲੀ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਕਿਸਾਨ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਇੰਨਾ ਹੀ ਨਹੀਂ ‘ਆਪ’ ਸਰਕਾਰ ਨੇ ਅੱਜ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੇ ਮੱਦੇਨਜ਼ਰ ਬਵਾਨਾ ਸਟੇਡੀਅਮ ਨੂੰ ਜੇਲ ਵਿਚ ਤਬਦੀਲ ਕਰਨ ਦੀ ਕੇਂਦਰ ਸਰਕਾਰ ਦੀ ਤਜਵੀਜ਼ ਨੂੰ ਵੀ ਠੁਕਰਾ ਦਿਤਾ ਹੈ।

ਸੋਮਵਾਰ ਨੂੰ ਚੰਡੀਗੜ੍ਹ ਵਿਚ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਹੋਈ ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਅਪਣੇ ਤੈਅ ਪ੍ਰੋਗਰਾਮਾਂ ਅਨੁਸਾਰ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿਤਾ ਹੈ। ਕੇਂਦਰ ਦੀ ਤਜਵੀਜ਼ 'ਤੇ ਦਿੱਲੀ ਸਰਕਾਰ ਦੇ ਗ੍ਰਹਿ ਮੰਤਰੀ ਕੈਲਾਸ਼ ਗਹਿਲੋਤ ਦਾ ਕਹਿਣਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ। ਸ਼ਾਂਤਮਈ ਪ੍ਰਦਰਸ਼ਨ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੈ। ਇਸ ਲਈ ਕਿਸਾਨਾਂ ਨੂੰ ਗ੍ਰਿਫਤਾਰ ਕਰਨਾ ਗਲਤ ਹੈ।

ਗਹਿਲੋਤ ਨੇ ਕਿਹਾ ਕਿ ਅਸਲ ਵਿਚ ਕੇਂਦਰ ਸਰਕਾਰ ਨੂੰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਅਸਲ ਸਮੱਸਿਆਵਾਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਸਾਡੇ 'ਅੰਨਦਾਤਾ' ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨਾਲ ਅਜਿਹਾ ਸਲੂਕ ਕਰਨਾ ਉਨ੍ਹਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਣ ਦੇ ਬਰਾਬਰ ਹੋਵੇਗਾ। ਅਸੀਂ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਮਰਥਨ ਨਹੀਂ ਕਰ ਸਕਦੇ, ਇਸ ਲਈ ਕਿਸੇ ਵੀ ਸਟੇਡੀਅਮ ਨੂੰ ਜੇਲ ਵਿਚ ਬਦਲਣ ਦੀ ਮਨਜ਼ੂਰੀ ਨਹੀਂ ਦਿਤੀ ਜਾ ਸਕਦੀ।