ਸ਼ੁਭਕਰਨ ਸਿੰਘ ਦੇ ਪਰਵਾਰ ਨਾਲ ਮੁੱਖ ਮੰਤਰੀ ਨੇ ਹਮਦਰਦੀ ਪ੍ਰਗਟ ਕੀਤੀ, ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ

 ਸ਼ੁਭਕਰਨ ਸਿੰਘ ਦੇ ਪਰਵਾਰ ਨਾਲ ਮੁੱਖ ਮੰਤਰੀ ਨੇ ਹਮਦਰਦੀ ਪ੍ਰਗਟ ਕੀਤੀ, ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਾਈਵ ਹੋ ਕੇ ਕਿਹਾ ਕਿ ਖਨੌਰੀ ਬਾਰਡਰ ’ਤੇ ਹੋਈ ਮੰਦਭਾਗੀ ਘਟਨਾ ਵਿਚ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪ੍ਰਵਾਰ ਨਾਲ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਉਹ ਉਸ ਨੂੰ ਵਾਪਸ ਤਾਂ ਨਹੀਂ  ਲਿਆ ਸਕਦੇ, ਪਰ ਉਹ ਉਸ ਦੇ ਪ੍ਰਵਾਰ ਨਾਲ ਖੜੇ ਹਨ। ਉਹ ਉਸ ਦੇ ਪ੍ਰਵਾਰ ਨੂੰ ਹਰ ਤਰ੍ਹਾਂ ਦੀ ਆਰਥਕ ਤੇ ਹੋਰ ਤਰ੍ਹਾਂ ਦੀ ਮਦਦ ਕਰਨ ਲਈ ਉਨ੍ਹਾਂ ਨਾਲ ਖੜੇ ਹਨ। ਉਨ੍ਹਾਂ ਸ਼ੁਭਕਰਨ ਦੇ ਪ੍ਰਵਾਰ ਨੂੰ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣਗੇ। ਉਨ੍ਹਾਂ ਦਸਿਆ ਕਿ ਸ਼ੁਭਕਰਨ 2 ਕਿਲੇ ਜ਼ਮੀਨ ਦਾ ਮਾਲਕ ਸੀ, ਜੋ ਕਿ ਅਪਣੀ ਜ਼ਮੀਨ ਨੂੰ ਬਚਾਉਣ ਲਈ ਧਰਨੇ ’ਚ ਸ਼ਾਮਲ ਹੋਣ ਆਇਆ ਸੀ, ਨਾ ਕਿ ਸਿਰਫ਼ ਫ਼ੋਟੋਆਂ ਖਿਚਵਾਉਣ।

ਉਨ੍ਹਾਂ ਦਸਿਆ ਕਿ ਕੇਂਦਰ ਵਲੋਂ ਡਰਾਵੇ ਅਤੇ ਧਮਕੀਆਂ ਆ ਰਹੀਆਂ ਹਨ ਕਿ ਪੰਜਾਬ ’ਚ ਰਾਸ਼ਟਰਪਤੀ ਰਾਜ ਲਗਾ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਕ ਵਾਰ ਨਹੀਂ 100 ਵਾਰ ਲਾਉ ਰਾਸ਼ਟਰਪਤੀ ਰਾਜ ਪਰ ਮੈਂ ਪੰਜਾਬ ਦੇ ਨੌਜਵਾਨਾਂ ਨੂੰ ਮਰਨ ਨਹੀਂ ਦੇਵਾਂਗਾ। ਉਨ੍ਹਾਂ ਭਾਜਪਾ ਨੂੰ ਮਨੀਪੁਰ ਅਤੇ ਹਰਿਆਣਾ ਦੇ ਨੂਹ ਵਿਚ ਵਾਪਰੀਆਂ ਘਟਨਾਵਾਂ ਨੂੰ ਵੀ ਯਾਦ ਕਰਨ ਲਈ ਕਿਹਾ।

ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਇਸ ਘਟਨਾ ਤੋਂ ਬਾਅਦ ਕੇਂਦਰ ਸਰਕਾਰ ਦੇ ਦਿਲ ਥੋੜ੍ਹਾ ਰਹਿਮ ਜਾਗੇਗਾ ਕਿ ਦੇਸ਼ ਦਾ ਕਿਸਾਨ ਇਸ ਸਮੇਂ ਕਿਸ ਤਰ੍ਹਾਂ ਦੀ ਸਥਿਤੀ ’ਚੋਂ ਗੁਜ਼ਰ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਵਲ ਜਾ ਰਹੇ ਹਨ, ਜਿਨ੍ਹਾਂ ਨੂੰ ਹਰਿਆਣਾ ਸਰਕਾਰ ਵਲੋਂ ਸ਼ੰਭੂ ਬਾਰਡਰ ’ਤੇ ਹੀ ਰੋਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਿਰਫ਼ ਦਿੱਲੀ ਜਾਣ ਲਈ ਹਰਿਆਣਾ ਵਿਚੋਂ ਗੁਜ਼ਰ ਰਹੇ ਹਨ, ਪਰ ਪਤਾ ਨਹੀਂ ਉਹ ਕਿਉਂ ਹਰਿਆਣਾ ਸਰਕਾਰ ਕਿਸਾਨਾਂ ਨੂੰ ਰੋਕ ਰਹੀ ਹੈ?

ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ  ਜਲਦੀ ਤੋਂ ਜਲਦੀ ਅਪਣੇ ਮਾਹਰ ਬੁਲਾ ਕੇ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਇਨ੍ਹਾਂ ’ਤੇ ਗੌਰ ਕਰ ਕੇ ਮੰਨ ਲਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਮੈਂ ਕਿਸਾਨਾਂ ਨਾਲ ਡੱਟ ਕੇ ਖੜਾ ਹਾਂ।

ਪੰਜਾਬ ਹਰਿਆਣਾ ਦੇ ਬਾਰਡਰਾਂ ’ਤੇ ਹਰਿਆਣਾਂ ਦੀਆਂ ਫੋਰਸਾਂ ਵਲੋਂ ਅੱਥਰੂ ਗੈਸ ਦੀ ਵਰਤੋਂ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਅੱਖਾਂ ਦੀ ਸਮੱਸਿਆ ਆ ਰਹੀ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਸਰਕਾਰ ਦੇ ਦੋ ਮੰਤਰੀ, ਇਕ ਵਿਧਾਇਕ, ਜੋ ਅੱਖਾਂ ਦੇ ਮਾਹਿਰ ਹਨ, ਨੂੰ ਹਸਪਤਾਲਾਂ ਵਿਚ ਤਾਇਨਾਤ ਕਰ ਕੇ ਵਿਸ਼ੇਸ਼ ਜ਼ਿੰਮੇਵਾਰੀ ਸੌਂਪੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਹਤ ਮੰਤਰੀ ਡਾ: ਬਲਬੀਰ ਪਟਿਆਲਾ ਵਿਖੇ ਅਜਿਹੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰਨਗੇ, ਇਕ ਹੋਰ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਪਾਤੜਾਂ ਅਤੇ ਖਨੌਰੀ ਵਿਖੇ ਤਾਇਨਾਤ ਰਹਿਣਗੇ ਜਦਕਿ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਰਾਜਪੁਰਾ ਦੇ ਹਸਪਤਾਲ ਵਿਚ ਤਾਇਨਾਤ ਰਹਿਣਗੇ।