ਵਿਧਾਨ ਸਭਾ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਹੋਵੇਗਾ ਸਨਮਾਨ, ਸਪੀਕਰ ਸੰਧਵਾ ਨੇ ਲਿਸਟ ਬਣਾਉਣ ਨੂੰ ਕਿਹਾ

ਵਿਧਾਨ ਸਭਾ ‘ਚ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਹੋਵੇਗਾ ਸਨਮਾਨ, ਸਪੀਕਰ ਸੰਧਵਾ ਨੇ ਲਿਸਟ ਬਣਾਉਣ ਨੂੰ ਕਿਹਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੁਣ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਵਿਧਾਨ ਸਭਾ ‘ਚ ਬੁਲਾ ਕੇ ਸਨਮਾਨਿਤ ਕਰੇਗੀ। ਵਾਤਾਵਰਨ ਪ੍ਰੇਮੀ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਜਿਨ੍ਹਾਂ ਨੇ ਵਿਸ਼ਾਲ ਜਨਤਕ ਹਿੱਤਾਂ ਅਤੇ ਵਾਤਾਵਰਨ ਦੀ ਸਹੀ ਸੁਰੱਖਿਆ ਲਈ ਇਸ ਮਾੜੀ ਪ੍ਰਥਾ ਨੂੰ ਤਿਆਗ ਦਿੱਤਾ ਹੈ।

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਸੂਝਵਾਨ ਕਿਸਾਨਾਂ ਦੀ ਬਹੁਤ ਸ਼ਲਾਘਾ ਕਰਦੀ ਹੈ ਜਿਨ੍ਹਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿੱਚ ਇਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੇ ਕਿਸਾਨਾਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਹੈ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਸੂਬੇ ਭਰ ਵਿੱਚ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਸਨਮਾਨਿਤ ਵੀ ਕੀਤਾ ਜਾਵੇਗਾ।

ਸਪੀਕਰ ਨੇ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਵਿਧਾਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਸੀ। ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਵਾਲੇ ਕਿਸਾਨ ਵਾਤਾਵਰਨ ਨੂੰ ਕਈ ਤਰ੍ਹਾਂ ਦੇ ਪ੍ਰਦੂਸ਼ਣ ਤੋਂ ਬਚਾ ਰਹੇ ਹਨ। ਲੋਕ ਆਪਣੇ ਆਪ ਨੂੰ ਖਤਰਨਾਕ ਬਿਮਾਰੀਆਂ ਤੋਂ ਬਚਾ ਰਹੇ ਹਨ। ਅੱਗ ਨਾ ਲਗਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ।