- Updated: April 20, 2026 06:40 PM
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਇਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ, ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਬਦਮਾਸ਼ ਵੱਲੋਂ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਤੋਂ 12 ਤਾਬੜਤੋੜ ਫਾਇਰ ਕੀਤੇ ਗਏ।
ਸੂਤਰਾਂ ਦੇ ਅਨੁਸਾਰ ਇਹ ਹਮਲਾ ਉਸ ਸਮੇਂ ਹੋਇਆ ਜਦੋਂ ਇਲਾਕੇ ਵਿੱਚ ਨਗਰ ਕੌਂਸਲ ਚੋਣਾਂ ਦੀ ਤਿਆਰੀ ਜ਼ੋਰਾਂ ‘ਤੇ ਹੈ। ਘਰ ਦੇ ਮਾਲਕ ਨੂੰ ਪਹਿਲਾਂ ਵੀ ਫੋਨ ‘ਤੇ ਧਮਕੀਆਂ ਮਿਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫਿਲਹਾਲ ਬਦਮਾਸ਼ਾਂ ਦੀ ਪਹਿਚਾਣ ਨਹੀਂ ਹੋ ਸਕੀ ਕਿਉਂਕਿ ਉਨ੍ਹਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12 ਵਜੇ ਸੁਰਿੰਦਰ ਕੁਮਾਰ ਦੇ ਘਰ ‘ਤੇ ਚਾਰ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਤਾਬੜਤੋੜ ਫਾਇਰਿੰਗ ਕੀਤੀ ਗਈ। ਦੋਨਾਂ ਗੇਟਾਂ ‘ਤੇ ਕੁੱਲ 9 ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ‘ਚੋਂ ਕੁਝ ਹਵਾਈ ਫਾਇਰ ਵੀ ਸਨ। ਖੁਸ਼ਕਿਸਮਤੀ ਨਾਲ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸੀਆਈਏ ਅਤੇ ਜੰਡਿਆਲਾ ਟੀਮਾਂ ਨੂੰ ਜਾਂਚ ‘ਚ ਜੋੜਿਆ ਹੈ ਅਤੇ ਇਲਾਕੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਕੁਝ ਅਹਿਮ ਲੀਡ ਮਿਲੀਆਂ ਹਨ ਅਤੇ ਜਲਦ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ।