- Updated: September 05, 2025 04:59 PM
ਹੜ੍ਹਾਂ ਦੇ ਚੱਲਦੇ ਨੂੰ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਅਹਿਮ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਨੇ ਸੂਬੇ ਵਿਚ ਆਏ ਹੜ੍ਹਾਂ ਦਾ ਮੁੱਖ ਕਾਰਨ ਨਾਜਾਇਜ਼ ਮਾਈਨਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ, ਜਿਸ ਕਰਕੇ ਬੰਨ੍ਹ ਟੁੱਟ ਗਏ ਅਤੇ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿਚ ਅਜਿਹੀ ਤਰਾਸਦੀ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।
ਸ਼ਿਵਰਾਜ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਸਥਿਤੀ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੇ ਹੁਕਮਾਂ 'ਤੇ ਹੀ ਉਹ ਹਾਲਾਤ ਦਾ ਜਾਇਜ਼ਾ ਲੈਣ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਣ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਸਾਨੂੰ ਹੜ੍ਹ ਪੀੜਤ ਖੇਤਰਾਂ ਦੇ ਪੁਨਰਨਿਰਮਾਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਨੁਕਸਾਨ ਦੀ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਪਾਂਗਾ। ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਅੱਜ ਪੰਜਾਬ 'ਤੇ ਆਇਆ ਸੰਕਟ ਬਹੁਤ ਵੱਡਾ ਹੈ ਪਰ ਇਸ ਨਾਲ ਯੋਜਨਾ ਨਾਲ ਨਜਿੱਠਿਆ ਜਾਵੇਗਾ।