- Updated: August 27, 2023 08:39 PM
ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਕਰ ਕੇ ਹੋਇਆ ਹੈ। ਗਿਆਨੀ ਜਗਤਾਰ ਸਿੰਘ ਨੇ ਆਪਣੀ ਰਿਹਾਇਸ਼ ਅੰਤਰਜਾਮੀ ਕਾਲੋਨੀ ਤਰਨਤਾਰਨ ਰੋਡ ਅੰਮ੍ਰਿਤਸਰ ’ਚ ਆਖਰੀ ਸਾਹ ਲਏ। ਸ਼ਾਮ 6 ਵਜੇ ਦੇ ਕਰੀਬ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਇਹ ਜਾਣਕਾਰੀ ਉਨ੍ਹਾਂ ਦੇ ਬੇਟੇ ਨਰੈਣ ਸਿੰਘ ਵੱਲੋਂ ਦਿੱਤੀ ਗਈ। ਗਿਆਨੀ ਜਗਤਾਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ’ਚ ਮੁੱਖ ਗ੍ਰੰਥੀ ਵਜੋਂ ਲੰਮਾ ਸਮਾਂ ਸੇਵਾਵਾਂ ਦਿੱਤੀਆਂ ਤੇ ਪੰਥ ਦੀ ਸੇਵਾ ਕੀਤੀ।
ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ, ਜਿਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣੇ ’ਤੇ ਜਿੱਥੇ ਧਾਰਮਿਕ ਸੰਸਥਾਵਾਂ ’ਚ ਸੋਗ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। ਗਿਆਨੀ ਜਗਤਾਰ ਸਿੰਘ ਦਾ ਸਸਕਾਰ ਭਲਕੇ 28 ਅਗਸਤ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ਹੈ, ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ।
ਉਧਰ, ਗਿਆਨੀ ਜਗਤਾਰ ਸਿੰਘ ਦੇ ਦਿਹਾਂਤ 'ਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਕਾਲ ਚਲਾਣਾ ਕਰ ਜਾਣਾ ਬੇਹੱਦ ਸ਼ੋਕਦਾਇਕ ਹੈ। ਉਨ੍ਹਾਂ ਕਿਹਾ ਕਿ ਗਿਆਨੀ ਜੀ ਗੁਰਬਾਣੀ ਦੇ ਗੂੜ੍ਹ ਗਿਆਤਾ ਸਨ। ਵਾਹਿਗੁਰੂ ਜੀ ਉਨ੍ਹਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।