ਕਾਂਗਰਸ ''ਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਹੋਈ ਮੁੜ ਵਾਪਸੀ

ਕਾਂਗਰਸ ''ਚ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਹੋਈ ਮੁੜ ਵਾਪਸੀ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਨੂੰ ਇਕਜੁੱਟ ਕਰਨ ਦੀ ਕਵਾਇਦ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰਦਿਆਂ ਉਨ੍ਹਾਂ ਦੀ ਪਾਰਟੀ ਵਿੱਚ ਮੁੜ ਵਾਪਸੀ ਦਾ ਸਵਾਗਤ ਕੀਤਾ ਹੈ। ਪਾਰਟੀ ਵੱਲੋਂ ਇਸ ਕਦਮ ਨੂੰ ਸੰਗਠਨਾਤਮਕ ਮਜ਼ਬੂਤੀ ਅਤੇ ਆਗੂਆਂ ਵਿਚਾਲੇ ਤਾਲਮੇਲ ਵਧਾਉਣ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ।

ਮੀਡੀਆ ਰਿਪੋਰਟਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਦੇ ਹੁਕਮਾਂ ਅਨੁਸਾਰ 1 ਅਗਸਤ 2026 ਨੂੰ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਤਿੰਨ ਸਾਲਾਂ ਲਈ ਕਾਂਗਰਸ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਅਨੁਸ਼ਾਸਨੀ ਕਮੇਟੀ ਨੇ ਕਿਹਾ ਸੀ ਕਿ ਮੁਅੱਤਲੀ ਦੌਰਾਨ ਉਹ ਪਾਰਟੀ ਦੀ ਕਿਸੇ ਵੀ ਗਤੀਵਿਧੀ ਜਾਂ ਸੰਗਠਨਾਤਮਕ ਅਹੁਦੇ 'ਤੇ ਕੰਮ ਨਹੀਂ ਕਰ ਸਕਣਗੇ।
ਦਰਅਸਲ ਉਸ ਵਕਤ ਪੰਜਾਬ ਕਾਂਗਰਸ ਅੰਦਰ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਸੀ। ਜਲਾਲਪੁਰ ਨੇ ਤਤਕਾਲੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਲੀਡਰਸ਼ਿਪ 'ਤੇ ਸਵਾਲ ਚੁੱਕਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਸੌਂਪਣ ਦੀ ਵਕਾਲਤ ਕੀਤੀ ਸੀ, ਜਿਸ ਤੋਂ ਬਾਅਦ ਪਾਰਟੀ ਵੱਲੋਂ ਉਨ੍ਹਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਸੀ।

ਜਲਾਲਪੁਰ ਦੀ ਮੁਅੱਤਲੀ ਤੋਂ ਤੁਰੰਤ ਬਾਅਦ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਉਨ੍ਹਾਂ ਦੇ ਸਮਰਥਨ ਵਿੱਚ ਖੁੱਲ੍ਹ ਕੇ ਸਾਹਮਣੇ ਆਏ ਸਨ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਕਈ ਹੋਰ ਆਗੂ ਪਟਿਆਲਾ ਸਥਿਤ ਜਲਾਲਪੁਰ ਦੇ ਘਰ ਪਹੁੰਚੇ ਸਨ। ਚੰਨੀ ਨੇ ਉਸ ਸਮੇਂ ਕਿਹਾ ਸੀ ਕਿ ਜਲਾਲਪੁਰ ਵਰਗੇ ਆਗੂ ਪਾਰਟੀ ਦਾ ਸਰਮਾਇਆ ਹਨ ਅਤੇ ਉਨ੍ਹਾਂ ਨੇ ਪਾਰਟੀ ਹਾਈਕਮਾਨ ਕੋਲ ਇਹ ਮੁੱਦਾ ਚੁੱਕ ਕੇ ਮੁਅੱਤਲੀ ਰੱਦ ਕਰਵਾਉਣ ਦਾ ਭਰੋਸਾ ਦਿੱਤਾ ਸੀ। ਦੂਜੇ ਪਾਸੇ, ਮਦਨ ਲਾਲ ਜਲਾਲਪੁਰ ਨੇ ਵੀ ਸਪੱਸ਼ਟ ਕੀਤਾ ਸੀ ਕਿ ਉਹ ਕਾਂਗਰਸ ਦੇ ਵਫ਼ਾਦਾਰ ਸਿਪਾਹੀ ਬਣੇ ਰਹਿਣਗੇ ਅਤੇ ਉਨ੍ਹਾਂ ਦੇ ਘਰ 'ਤੇ ਕਾਂਗਰਸ ਦਾ ਝੰਡਾ ਹਮੇਸ਼ਾ ਲੱਗਾ ਰਹੇਗਾ।

ਪਾਰਟੀ ਅੰਦਰ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ 2 ਅਕਤੂਬਰ 2026 ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਹਾਈਕਮਾਨ ਨੇ ਜਲੰਧਰ ਕੈਂਟ ਤੋਂ ਵਿਧਾਇਕ ਅਤੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਸੀ। ਪ੍ਰਧਾਨਗੀ ਦਾ ਅਹੁਦਾ ਸੰਭਾਲਣ ਮਗਰੋਂ ਪਰਗਟ ਸਿੰਘ ਨੇ ਸਪੱਸ਼ਟ ਕੀਤਾ ਸੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਸਾਰੇ ਧੜਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਪਵੇਗਾ। ਹੁਣ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰਕੇ ਉਨ੍ਹਾਂ ਦੀ ਘਰ ਵਾਪਸੀ ਕਰਵਾਉਣ ਨੂੰ ਪਰਗਟ ਸਿੰਘ ਦੀ ਅਗਵਾਈ ਹੇਠ ਪਾਰਟੀ ਅੰਦਰ ਏਕਤਾ ਕਾਇਮ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।