ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਭਾਲਿਆ ਅਹੁਦਾ

ਨਵੇਂ ਥਾਪੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਹੈ। ਇਸ ਮੌਕੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਬਾਕੀ ਤਖ਼ਤਾਂ ਦੇ ਜਥੇਦਾਰ ਅਤੇ ਸੇਵਾਦਾਰ ਵੀ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਐੱਸ.ਜੀ.ਪੀ.ਸੀ. ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਮਤਾ ਨੰਬਰ 609 ਮਿਤੀ 16-6-2023 'ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਜੀ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਫ਼ੈਸਲਾ ਕੀਤਾ ਗਿਆ ਸੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ ਸੰਭਾਲਦਿਆਂ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਸੌਂਪਣ ਦੀ ਰਸਮ ਸ਼ੁਰੂ ਕੀਤੀ। ਪ੍ਰਧਾਨ ਧਾਮੀ ਦੀ ਬੇਨਤੀ ਉਪਰੰਤ ਪਹਿਲੀ ਦਸਤਾਰ ਗਿਆਨੀ ਅਮਰਜੀਤ ਸਿੰਘ ਨੇ ਪੇਸ਼ ਕੀਤੀ। ਇਸ ਤੋਂ ਬਾਅਦ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਗਿਆਨੀ ਰਘਬੀਰ ਸਿੰਘ ਅਤੇ ਫਿਰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਨੇ ਦਸਤਾਰ ਪੇਸ਼ ਕੀਤੀ।

ਇੱਥੇ ਵੱਡੀ ਗਿਣਤੀ ਵਿਚ ਸੰਗਤਾਂ, ਬੁੱਧੀਜੀਵੀ ਅਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ ਹੋਏ ਹਨ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਇਸ ਪ੍ਰੋਗਰਾਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਵੀ ਹਾਜ਼ਰ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਸਮਾਗਮ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸ਼ਿਰਕਤ ਕੀਤੀ। ਹੁਣ ਤੱਕ ਸਿਰਫ਼ ਗਿਆਨੀ ਹਰਪ੍ਰੀਤ ਸਿੰਘ ਹੀ ਇਸ ਅਹੁਦੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ।

ਇਸ ਮੌਕੇ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੁੂਬੀ ਆਪਣੀਆਂ ਸੇਵਾਵਾਂ ਸੰਭਾਲੀਆਂ ਸਨ। ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰੰਪਰਾ ਤਹਿਤ ਸੇਵਾ ਕੀਤੀ । ਐਡਵੋਕੇਟ ਧਾਮੀ ਨੇ ਕਿਹਾ ਕਿ ਅੰਤ੍ਰਿਗ ਕਮੇਟੀ ਤਹਿਤ ਉਨ੍ਹਾਂ ਦਾ ਪਹਿਲਾਂ ਵੀ ਧੰਨਵਾਦ ਕੀਤਾ ਸੀ ਅਤੇ ਅੱਜ ਵੀ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਂ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕਰਦਾ ਹਾਂ ਕਿ ਬਹੁਤ ਵੱਡੀ ਪੰਥ ਦੀ ਜ਼ਿੰਮੇਵਾਰੀ ਹੈ ਤੇ ਇਹ ਜ਼ਿੰਮੇਵਾਰੀ ਚੁਣੌਤੀਆਂ ਭਰੀ ਹੈ ਜੋ ਸੇਵਾ ਸੰਭਾਲ ਗੁਰੂ ਜੀ ਨੇ ਤੁਹਾਨੂੰ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਨੇ ਸਮਾਗਮ 'ਚ ਸ਼ਾਮਲ ਹੋਏ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵਧਾਈਆਂ ਦਿੱਤੀਆਂ। ਇਸ ਦੌਰਾਨ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਸੰਭਾਲਣ 'ਤੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਸਿਰੋਪਾਓ ਬਕਸ਼ ਕੇ ਵਧਾਈਆਂ ਦਿੱਤੀਆਂ ।