- Updated: September 18, 2026 07:43 PM
ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ ਸਾਹਮਣੇ ਆਈ ਹੈ। ਦਰਅਸਲ ਦਸੂਹਾ ਪੁਲਸ ਨੇ ਇਕ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ, ਅਸ਼ਲੀਲ ਵੀਡੀਓ ਬਣਾਉਣ ਅਤੇ ਉਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿਚ ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਯੋਗਿਤਾ ਨੇ ਦੱਸਿਆ ਕਿ ਪੀੜਤ ਨਾਬਾਲਗ ਕੁੜੀ ਦੀ ਮਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ। ਸ਼ਿਕਾਇਤ ਕਰਤਾ ਮੁਤਾਬਕ ਮੁਲਜ਼ਮ ਰਣਜੋਧ ਸਿੰਘ ਨਾਂ ਦਾ ਮੁਲਜ਼ਮ ਉਸ ਦੀ ਨਾਬਾਲਗ ਧੀ ਨੂੰ ਵਰਗਲਾ ਕੇ ਦਸੂਹਾ ਦੇ ਇਕ ਰੈਸਟੋਰੈਂਟ ’ਚ ਲੈ ਗਿਆ। ਉੱਥੇ ਉਸ ਨੇ ਕੁੜੀ ਨਾਲ ਜਬਰ-ਜ਼ਿਨਾਹ ਕੀਤਾ ਅਤੇ ਮੋਬਾਇਲ ’ਚ ਵੀਡੀਓ ਵੀ ਰਿਕਾਰਡ ਕਰ ਲਈ। ਕੁਝ ਸਮੇਂ ਬਾਅਦ ਮੁਲਜ਼ਮ ਨੇ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਰਣਜੋਧ ਸਿੰਘ ਖ਼ਿਲਾਫ਼ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਉੱਚ ਪੁਲਸ ਅਧਿਕਾਰੀਆਂ ਵੱਲੋਂ ਬਾਰੀਕੀ ਨਾਲ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।