ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਮੌਕੇ ''ਤੇ ਮਚੀ ਹਫੜਾ-ਦਫੜੀ

ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਮੌਕੇ ''ਤੇ ਮਚੀ ਹਫੜਾ-ਦਫੜੀ

ਫ਼ਰੀਦਕੋਟ ਦੇ ਦਿਹਾਤੀ ਇਲਾਕੇ ਮਾਈ ਗੋਦੜੀ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਿਮਰਨ ਦੁਆਰ ਵਿਚ ਐਤਵਾਰ ਦੇਰ ਸ਼ਾਮ ਅਚਾਨਕ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਰੱਖਿਆ ਕਾਫ਼ੀ ਸਾਮਾਨ ਸੜ ਕੇ ਨੁਕਸਾਨਿਆ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਇਲਾਕਾ ਨਿਵਾਸੀ, ਸੰਗਤ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਅਤੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਸਭ ਤੋਂ ਪਹਿਲਾਂ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਟਕਾ ਸਾਹਿਬ ਨੂੰ ਪੂਰੀ ਸ਼ਰਧਾ ਨਾਲ ਸੁਰੱਖਿਅਤ ਬਾਹਰ ਕੱਢ ਲਿਆ, ਜਿਸ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਹੋਣ ਤੋਂ ਬਚਾਅ ਹੋ ਗਿਆ। ਸੰਗਤ ਵੱਲੋਂ ਦਿਖਾਈ ਗਈ ਸੁਚੇਤਤਾ ਅਤੇ ਤੁਰੰਤ ਕਾਰਵਾਈ ਦੀ ਇਲਾਕੇ ਭਰ ਵਿਚ ਸਰਾਹਨਾ ਕੀਤੀ ਜਾ ਰਹੀ ਹੈ।

ਅੱਗ ਕਾਰਨ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਰੱਖੇ ਬਿਸਤਰੇ, ਏਅਰ ਕੰਡੀਸ਼ਨਰ (ਏਸੀ), ਡਾਊਨ ਸੀਲਿੰਗ, ਬਿਜਲੀ ਦੀ ਫਿਟਿੰਗ ਅਤੇ ਹੋਰ ਕੀਮਤੀ ਸਾਮਾਨ ਸੜ ਕੇ ਨੁਕਸਾਨਿਆ ਗਿਆ। ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਅੱਗ ’ਤੇ ਜਲਦੀ ਕਾਬੂ ਪਾ ਲਿਆ ਗਿਆ। ਸਮੇਂ ਸਿਰ ਅੱਗ ’ਤੇ ਕਾਬੂ ਪਾਏ ਜਾਣ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਅੱਗ ਨੂੰ ਗੁਰਦੁਆਰਾ ਸਾਹਿਬ ਦੇ ਹੋਰ ਹਿੱਸਿਆਂ ਤੱਕ ਫੈਲਣ ਤੋਂ ਰੋਕ ਲਿਆ ਗਿਆ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਸੂਚਨਾ ਮਿਲਣ ਉਪਰੰਤ ਪਿੰਡ ਦੇ ਸਰਪੰਚ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਕੇ ’ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਘਟਨਾ ਤੋਂ ਬਾਅਦ ਕੁਝ ਸਮੇਂ ਲਈ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣਿਆ ਰਿਹਾ ਪਰ ਪਾਵਨ ਸਰੂਪਾਂ ਨੂੰ ਸੁਰੱਖਿਅਤ ਬਾਹਰ ਕੱਢ ਲਏ ਜਾਣ ਕਾਰਨ ਸੰਗਤ ਨੇ ਰਾਹਤ ਦਾ ਸਾਹ ਲਿਆ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਅੱਗ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਵੀ ਕੀਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।