ਪੰਜਾਬ ''ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ! ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਹੈਰੋਇਨ ਬਰਾਮਦ

ਪੰਜਾਬ ''ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ! ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਹੈਰੋਇਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਥਾਣਾ ਸਰਾਏ ਅਮਾਨਤ ਖਾਂ ਅਤੇ ਬੀ.ਐੱਸ.ਐੱਫ. ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ 708 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੇ ਸਬੰਧ ਵਿਚ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਲਿਆ ਹੈ।

ਜਾਣਕਾਰੀ ਦਿੰਦੇ ਹੋਏ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਸਬ ਇੰਸਪੈਕਟਰ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਇਲਾਕੇ ਵਿਚ ਮਾੜੇ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਜਿੱਥੇ ਕੀਤੀ ਜਾ ਰਹੀ ਹੈ, ਉਥੇ ਹੀ ਸਰਹੱਦ ਨੇੜੇ ਗੁਆਂਢੀ ਦੇਸ਼ ਦੀਆਂ ਗਤੀਵਿਧੀਆਂ ਉਪਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

ਇਸੇ ਲੜੀ ਦੇ ਤਹਿਤ ਇਕ ਗੁਪਤ ਸੂਚਨਾ ਦੇ ਆਧਾਰ ਉਪਰ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਪਾਰਟੀ ਅਤੇ ਬੀ. ਐੱਸ. ਐੱਫ. ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਪਿੰਡ ਛੀਨਾ ਬਿਧੀ ਚੰਦ ਦੇ ਖੇਤਾਂ ’ਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ ਹੈ, ਜੋ ਡਰੋਨ ਦੀ ਮਦਦ ਨਾਲ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ’ਚ ਪੁੱਜਾ ਸੀ। ਇਸ ਪੈਕਟ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ 708 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਦਕਿ ਪੈਕਿੰਗ ਮਟੀਰੀਅਲ ਦਾ ਵਜ਼ਨ 66 ਗ੍ਰਾਮ ਪਾਇਆ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।