- Updated: June 03, 2026 08:43 PM
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਦੇ ਸਾਥੀ ਜੋਬਨਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ ਹੈ। ਅਦਾਲਤ ਨੇ ਪੁਲਿਸ ਕਾਰਵਾਈ ‘ਤੇ ਸਵਾਲ ਉਠਾਏ ਅਤੇ ਉਸ ਦੀ ਤੁਰੰਤ ਰਿਹਾਈ ਦੇ ਹੁਕਮ ਦਿੱਤੇ। ਅਦਾਲਤ ਨੇ ਮੰਨਿਆ ਕਿ ਗ੍ਰਿਫ਼ਤਾਰੀ ਢੁੱਕਵੀਂ ਪ੍ਰਕਿਰਿਆ ਦੇ ਅਨੁਸਾਰ ਨਹੀਂ ਕੀਤੀ ਗਈ ਸੀ।
ਇਸ ਤੋਂ ਪਹਿਲਾਂ ਅੱਜ ਅੰਮ੍ਰਿਤਸਰ ਜ਼ਿਲ੍ਹਾ ਅਦਾਲਤ ਨੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਹੁਕਮ ਦਿੱਤਾ ਕਿ ਉਹ ਮਜੀਠੀਆ ਦੇ ਵਕੀਲਾਂ ਨੂੰ 24 ਘੰਟਿਆਂ ਦੇ ਅੰਦਰ ਐਫਆਈਆਰ ਦੀ ਕਾਪੀ ਮੁਹੱਈਆ ਕਰਵਾਏ ਤਾਂ ਜੋ ਉਹ ਕਾਨੂੰਨੀ ਕਾਰਵਾਈ ਕਰ ਸਕਣ ਅਤੇ ਕੇਸ ਦੀ ਪੈਰਵੀ ਕਰ ਸਕਣ।
ਮਜੀਠੀਆ ਦੇ ਵਕੀਲਾਂ ਨੇ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਮਜੀਠਾ ਥਾਣੇ ਦਾ ਐਸਐਚਓ ਐਫਆਈਆਰ ਦੀ ਕਾਪੀ ਮੁਹੱਈਆ ਨਹੀਂ ਕਰਵਾ ਰਿਹਾ ਹੈ।
ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਮਜੀਠਾ ਪੁਲਿਸ ਨੇ ਅਕਾਲੀ ਦਲ ਦੇ ਵਰਕਰ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। 31 ਮਈ ਨੂੰ ਸਵੇਰੇ ਲਗਭਗ 11:30 ਵਜੇ, ਮਜੀਠੀਆ 50-60 ਸਮਰਥਕਾਂ ਨਾਲ ਮਜੀਠਾ ਪੁਲਿਸ ਸਟੇਸ਼ਨ ਪਹੁੰਚੇ। ਪੁਲਿਸ ਨੇ ਦੋਸ਼ ਲਾਇਆ ਸੀ ਕਿ ਮਜੀਠੀਆ ਨੇ ਜੋਬਨਪ੍ਰੀਤ ਨੂੰ ਜਬਰਦਸਤੀ ਛੁਡਾਉਣ ਦੀ ਕੋਸ਼ਿਸ਼ ਕੀਤੀ। ਇਸ ‘ਤੇ ਉਨ੍ਹਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਗਰੋਂ ਮਜੀਠੀਆ ਦੇ ਵਕੀਲਾਂ ਨੇ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਅਦਾਲਤ ਨੇ ਜਵਾਬ ਲਈ ਨੋਟਿਸ ਜਾਰੀ ਕੀਤਾ। ਪੁਲਿਸ ਨੇ 2 ਜੂਨ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਮੰਗਿਆ।