- Updated: July 02, 2024 04:09 PM
ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਗ੍ਰਿਫ਼ਤਾਰ ਕਰ ਕੇ ਰਿਮਾਂਡ 'ਤੇ ਲਏ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਮੰਗਲਵਾਰ ਨੂੰ ਸੁਣਵਾਈ ਹੋਈ। ਅਦਾਲਤ ਨੇ ਕੇਜਰੀਵਾਲ ਵਲੋਂ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਦਿੱਤੀ ਗਈ ਚੁਣੌਤੀ 'ਤੇ ਸੀ. ਬੀ. ਆਈ. ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਸੀ. ਬੀ. ਆਈ. ਨੂੰ 7 ਦਿਨਾਂ ਵਿਚ ਆਪਣਾ ਜਵਾਬ ਦੇਣ ਨੂੰ ਕਿਹਾ ਗਿਆ ਹੈ। ਅਦਾਲਤ ਨੇ ਦਲੀਲਾਂ ਸੁਣਨ ਮਗਰੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 17 ਜੁਲਾਈ ਤੱਕ ਲਈ ਸੂਚੀਬੱਧ ਕਰ ਲਈ।
ਕੇਜਰੀਵਾਲ ਦੀ ਪਟੀਸ਼ਨ 'ਤੇ ਜਸਟਿਸ ਨੀਨਾ ਬੰਸਲ ਕ੍ਰਿਸ਼ਨਾ ਦੀ ਬੈਂਚ ਨੇ ਸੁਣਵਾਈ ਕੀਤੀ। ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ FIR 2022 ਵਿਚ ਹੀ ਦਰਜ ਕੀਤੀ ਗਈ ਸੀ। ਉਨ੍ਹਾਂ ਨੂੰ ਅਪ੍ਰੈਲ 2023 ਵਿਚ ਸੰਮਨ ਕੀਤਾ ਗਿਆ ਸੀ ਅਤੇ 9 ਘੰਟਿਆਂ ਦੀ ਪੁੱਛਗਿੱਛ ਕੀਤੀ ਗਈ। ਉਸ ਤੋਂ ਬਾਅਦ ਕੁਝ ਨਹੀਂ ਕੀਤਾ ਗਿਆ ਅਤੇ ਹੁਣ ਗ੍ਰਿਫ਼ਤਾਰ ਕਰ ਲਿਆ ਗਿਆ। ਕੇਜਰੀਵਾਲ ਨੂੰ ਸੀ. ਬੀ. ਆਈ. ਨੇ 26 ਜੂਨ ਨੂੰ ਤਿਹਾੜ ਜੇਲ੍ਹ ਵਿਚੋਂ ਗ੍ਰਿਫ਼ਤਾਰ ਕੀਤਾ ਸੀ।
ਕੇਜਰੀਵਾਲ ਈਡੀ ਵਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਕੇਸ ਵਿਚ ਨਿਆਂਇਕ ਹਿਰਾਸਤ ਵਿਚ ਹਨ। ਕੇਜਰੀਵਾਲ ਨੇ ਵਿਸ਼ੇਸ਼ ਅਦਾਲਤ ਦੇ 26 ਜੂਨ ਦੇ ਹੁਕਮ ਨੂੰ ਵੀ ਚੁਣੌਤੀ ਦਿੱਤੀ ਹੈ, ਜਿਸ ਤਹਿਤ ਉਨ੍ਹਾਂ ਨੂੰ ਤਿੰਨ ਦਿਨ ਲਈ ਸੀ. ਬੀ. ਆਈ. ਦੀ ਰਿਮਾਂਡ 'ਤੇ ਭੇਜਿਆ ਗਿਆ ਸੀ। ਉਨ੍ਹਾਂ ਨੇ ਦੋਸ਼ ਲਾਇਆ ਕਿ ਸੀ. ਬੀ. ਆਈ. ਨੇ ਗ੍ਰਿਫ਼ਤਾਰੀ ਲਈ ਝੂਠਾ ਆਧਾਰ ਬਣਾਇਆ। ਗ੍ਰਿਫ਼ਤਾਰੀ ਲਈ ਕੋਈ ਤਰਕ ਨਹੀਂ ਦਿੱਤਾ ਗਿਆ।