- Updated: September 15, 2026 07:23 PM
ਹੁਣ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਵਿੱਚ ਮੰਗਲਵਾਰ ਨੂੰ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਨੇ ਬੁੱਤ ਦੀ ਭੰਨ-ਤੋੜ ਕਰਕੇ ਨੁਕਸਾਨ ਪਹੁੰਚਾਇਆ ਹੈ।
ਜਾਣਕਾਰੀ ਦਿੰਦਿਆਂ ਹੁਸ਼ਿਆਰਪੁਰ ਦੇ ਪੁਲਿਸ ਕਪਤਾਨ (ਜਾਂਚ) ਨਵਨੀਤ ਸਿੰਘ ਮਾਹਲ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਤੜਕੇ ਵਾਪਰੀ, ਜਦੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਪਿੰਡ ਦੀ ਅਨਾਜ ਮੰਡੀ ਨੇੜੇ ਲੱਗੇ ਬੁੱਤ ‘ਤੇ ਕਥਿਤ ਤੌਰ ‘ਤੇ ਪੱਥਰ ਸੁੱਟੇ।
ਪੁਲਿਸ ਨੇ ਦੱਸਿਆ ਕਿ ਇਸ ਘਟਨਾ ਵਿੱਚ ਬੁੱਤ ਦੇ ਉੱਪਰ ਵੱਲ ਉਠਾਏ ਹੋਏ ਹੱਥ ਦੀ ਉਂਗਲ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ ਅਤੇ ਜਾਂਚ ਦੇ ਹਿੱਸੇ ਵਜੋਂ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ।
ਮਾਹਲ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ ਚੱਬੇਵਾਲ ਥਾਣੇ ਵਿੱਚ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕਰਨ ਲਈ ਇਲਾਕੇ ਅਤੇ ਨੇੜਲੇ ਸਥਾਨਾਂ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀਆਂ ਹਨ। ਮਾਹਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ ਵੀ ਅੰਬੇਡਕਰ ਦੇ ਬੁੱਤਾਂ ਦੀ ਕਥਿਤ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਪੁਲਿਸ ਨੇ ਹੱਲ ਕਰ ਲਿਆ ਸੀ।
ਮਾਰਚ 2026 ਵਿੱਚ ਮਾਹਿਲਪੁਰ ਥਾਣੇ ਅਧੀਨ ਪੈਂਦੇ ਪਿੰਡ ਨੂਰਪੁਰ ਜੱਟਾਂ ਵਿੱਚ ਅੰਬੇਡਕਰ ਦੇ ਬੁੱਤ ਦੀ ਕਥਿਤ ਬੇਅਦਬੀ ਦੀ ਘਟਨਾ ਸਾਹਮਣੇ ਆਈ ਸੀ। ਜੂਨ 2025 ਵਿੱਚ ਵੀ ਉੱਥੇ ਅਜਿਹੀ ਹੀ ਇੱਕ ਘਟਨਾ ਵਾਪਰੀ ਸੀ।