- Updated: June 08, 2026 01:17 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ 8 ਅਤਿ-ਆਧੁਨਿਕ ਪਿਸਤੌਲ ਤੇ 7 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ, ਜੋ ਕਿ ਲੁਕਵੇਂ ਸਥਾਨਾਂ ਰਾਹੀਂ ਨਾਜਾਇਜ਼ ਹਥਿਆਰਾਂ ਦੀ ਖੇਪ ਭੇਜਦਾ ਸੀ। ਬਰਾਮਦ ਕੀਤੇ ਗਏ ਹਥਿਆਰ ਅੱਗੇ ਵੰਡਣ ਲਈ ਅਪਰਾਧਿਕ ਤੱਤਾਂ ਤੱਕ ਪਹੁੰਚਾਏ ਜਾਣੇ ਸਨ। ਪੁਲਸ ਥਾਣਾ ਇਸਲਾਮਾਬਾਦ ਅਤੇ ਪੁਲਸ ਥਾਣਾ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਡੀ. ਜੀ. ਪੀ. ਨੇ ਦੱਸਿਆ ਵਿਦੇਸ਼ੀ-ਅਧਾਰਤ ਨੈੱਟਵਰਕ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਜਾਰੀ ਹੈ। ਪੰਜਾਬ ਪੁਲਸ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਹਵਾਲਾ ਕਾਰਜਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।