- Updated: October 18, 2023 09:51 AM
ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਨਗਰ ਨਿਗਮ ਚੋਣਾਂ ਸਬੰਧੀ ਲੁਧਿਆਣਾ ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਦੀਆਂ ਅਰਜ਼ੀਆਂ ਜਮ੍ਹਾਂ ਕਰਨ ਦਾ ਕੰਮ 18 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਲਈ ਭੇਜੀਆਂ ਗਈਆਂ ਅਰਜ਼ੀਆਂ ਫਾਰਮ 18 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਟਿੱਬਾ ਰੋਡ ਦਫ਼ਤਰ (ਸੰਜੇ ਤਲਵਾੜ ਸਾਬਕਾ ਵਿਧਾਇਕ ਦੇ ਦਫ਼ਤਰ) ’ਚ ਮਿਲਣਗੇ।
ਫਾਰਮ ਜਮ੍ਹਾਂ ਕਰਨ ਦਾ ਸਮਾਂ 25 ਅਕਤੂਬਰ ਨੂੰ ਸ਼ਾਮ 4 ਵਜੇ ਤੱਕ ਦਾ ਹੋਵੇਗਾ। 26 ਅਕਤੂਬਰ ਨੂੰ ਇਨ੍ਹਾਂ ਅਰਜ਼ੀਆਂ ਦੀ ਚੈਕਿੰਗ ਕੀਤੀ ਜਾਵੇਗੀ। ਉਸ ਤੋਂ ਬਾਅਦ ਪੰਜਾਬ ਕਾਂਗਰਸ ਵੱਲੋਂ ਯੋਗ ਉਮੀਦਵਾਰਾਂ ਦੀ ਚੋਣ ਕਰਨ ਲਈ ਬਣਾਈ ਗਈ 3 ਮੈਂਬਰੀ ਕਮੇਟੀ ਬੈਠਕ ਕਰੇਗੀ, ਜਿਸ ਵਿਚ ਸਾਬਕਾ ਸਪੀਕਰ ਰਾਣਾ ਕੇ. ਪੀ. ਸਿੰਘ ਦੀ ਅਗਵਾਈ ’ਚ ਸੁਖਵਿੰਦਰ ਸਿੰਘ ਡੈਨੀ, ਹਰਿੰਦਰ ਸਿੰਘ ਹੈਰੀ ਮਾਨ ਯੋਗ ਉਮੀਦਵਾਰਾਂ ਦੇ ਪੱਖ ’ਚ ਆਪਣੀ ਰਿਪੋਰਟ ਬਣਾ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜਣਗੇ। ਸੰਜੇ ਤਲਵਾੜ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਫਾਈਨਲ ਸੂਚੀ ਇਸ ਮਹੀਨੇ ਦੇ ਅਖ਼ੀਰ ’ਚ ਜਾਰੀ ਕਰ ਦਿੱਤੀ ਜਾਵੇਗੀ।