- Updated: April 09, 2026 10:15 PM
ਇਰਾਨ ਅਤੇ ਇਜ਼ਰਾਈਲ ਦੇ ਵਿਚਕਾਰ ਵਧਦੇ ਤਣਾਅ ਦੇ ਦੌਰਾਨ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਇੱਕ ਅਹਿਮ ਐਲਾਨ ਕਰਦਿਆਂ ਲੇਬਨਾਨ ਨਾਲ ਜਲਦ ਤੋਂ ਜਲਦ ਸਿੱਧੀ ਗੱਲਬਾਤ ਸ਼ੁਰੂ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਖੇਤਰ ਵਿੱਚ ਜੰਗਬੰਦੀ (ਸੀਜ਼ਫਾਇਰ) ਦੀ ਸਥਿਤੀ ਕਾਫੀ ਨਾਜ਼ੁਕ ਬਣੀ ਹੋਈ ਹੈ।
ਪ੍ਰਧਾਨ ਮੰਤਰੀ ਨੇਤਨਯਾਹੂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਹੁਕਮ ਲੇਬਨਾਨ ਵੱਲੋਂ ਕੀਤੀਆਂ ਗਈਆਂ ਬੇਨਤੀਆਂ ਦੇ ਜਵਾਬ ਵਿੱਚ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੇਬਨਾਨ ਦੇ ਪ੍ਰਧਾਨ ਮੰਤਰੀ ਵੱਲੋਂ ਬੇਰੂਤ ਨੂੰ ਫੌਜੀ-ਮੁਕਤ ਕਰਨ ਦੀ ਕੀਤੀ ਗਈ ਅਪੀਲ ਦਾ ਵੀ ਸਵਾਗਤ ਕੀਤਾ ਹੈ। ਹਾਲਾਂਕਿ, ਲੇਬਨਾਨ ਸਰਕਾਰ ਵੱਲੋਂ ਇਸ 'ਤੇ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
ਇਸ ਸਿੱਧੀ ਗੱਲਬਾਤ ਦਾ ਮੁੱਖ ਉਦੇਸ਼ ਗੁਆਂਢੀ ਦੇਸ਼ਾਂ ਵਿਚਕਾਰ ਸ਼ਾਂਤੀਪੂਰਨ ਸਬੰਧ ਸਥਾਪਤ ਕਰਨਾ ਹੋਵੇਗਾ। ਇਸ ਵਾਰਤਾ ਦੌਰਾਨ ਸਭ ਤੋਂ ਵੱਧ ਜ਼ੋਰ ਹਿਜ਼ਬੁੱਲਾ ਨੂੰ ਨਿਰਸਤਰ ਕਰਨ 'ਤੇ ਦਿੱਤਾ ਜਾਵੇਗਾ ਤਾਂ ਜੋ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਕਾਰ ਜਾਰੀ ਸੰਘਰਸ਼ ਕਾਰਨ ਲੇਬਨਾਨ ਵਿੱਚ ਭਾਰੀ ਨੁਕਸਾਨ ਹੋਇਆ ਹੈ ਅਤੇ ਇਹ ਨਵੀਂ ਪਹਿਲਕਦਮੀ ਖੇਤਰ ਵਿੱਚ ਸਥਿਰਤਾ ਲਿਆਉਣ ਲਈ ਇੱਕ ਵੱਡਾ ਕਦਮ ਸਾਬਤ ਹੋ ਸਕਦੀ ਹੈ।