ਪੁਲਿਸ ਨੇ ਚੇਤਨਾ ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਹਿਰਾਸਤ ਵਿਚ ਲਿਆ, ਜਥੇਦਾਰ ਵਲੋਂ ਨਿਖੇਧੀ

ਪੁਲਿਸ ਨੇ ਚੇਤਨਾ ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਹਿਰਾਸਤ ਵਿਚ ਲਿਆ, ਜਥੇਦਾਰ ਵਲੋਂ ਨਿਖੇਧੀ

ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿੁਬ ਤਕ ਚੇਤਨਾ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਹੀ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅਤੇ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ, ਚਾਚਾ ਸੁਖਚੈਨ ਸਿੰਘ, ਭਾਈ ਗੁਰਪ੍ਰੀਤ ਸਿੰਘ ਦੀ ਧਰਮਪਤਨੀ ਮਨਜੀਤ ਕੌਰ, ਅੰਮ੍ਰਿਤਪਾਲ ਸਿੰਘ ਦੀ ਚਾਚੀ ਤੇ ਭੂਆ ਨੂੰ ਪੁਲਿਸ ਨੇ ਗੋਲਡਨ ਗੇਟ ਜੀ ਟੀ ਰੋਡ ਤੋਂ ਹਿਰਾਸਤ ਵਿਚ ਲੈ ਲਿਆ।

ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੇ ਪ੍ਰਵਾਰਕ ਮੈਂਬਰਾਂ ਦੇ ਪੁਲਿਸ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਪੁਲਿਸ ਹਿਰਾਸਤ ਤੋਂ ਛੁਡਾਉਣ ਲਈ ਗਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਸ. ਹਰਪਾਲ ਸਿੰਘ ਬਲੇਰ, ਸ. ਉਪਕਾਰ ਸਿੰਘ ਸੰਧੂ, ਜਸਬੀਰ ਸਿੰਘ ਬਚੜੇ, ਦਲਜੀਤ ਸਿੰਘ ਬਾਜਵਾ ਤੇ ਰਮਨਦੀਪ ਸਿੰਘ ਮੁੰਡਾ ਪਿੰਡ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਬੀਤੇ ਦਿਨ ਦੁਪਿਹਰ ਜਦ ਚੇਤਨਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਬੀਬੀਆਂ ਦਾ ਇਕ ਜੱਥਾ ਲੈ ਕੇ ਅੰਮ੍ਰਿਤਸਰ ਤੋਂ ਤਖ਼ਤ ਦਮਦਮਾ ਸਾਹਿਬ ਵਲ ਰਵਾਨਾ ਹੋਏ ਤਾਂ ਗੋਲਡਨ ਗੇਟ ’ਤੇ ਨਾਕਾ ਲਗਾਈ ਬੈਠੇ ਪੁਲਿਸ ਕਰਮਚਾਰੀਆਂ ਨੇ ਇਨ੍ਹਾਂ ਸਾਰਿਆਂ ਨੂੰ ਹਿਰਾਸਤ ਵਿਚ ਲੈ ਲਿਆ ਤੇ ਅਣਦਸੀ ਥਾਂ ’ਤੇ ਲੈ ਗਏ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਹਰਪਾਲ ਸਿੰਘ ਬਲੇਰ ਤੇ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਨੂੰ ਸਿੱਖ ਅਤੇ ਸਿੱਖਾਂ ਦੀਆਂ ਹੱਕਾਂ ਅਧਿਕਾਰਾਂ ਦੀਆਂ ਜਾਇਜ਼ ਮੰਗਾਂ ਵੀ ਗਵਾਰਾ ਨਹੀਂ ਹਨ। ਬਲਵਿੰਦਰ ਕੌਰ ਨੂੰ ਨਾਜਾਇਜ਼ ਗ੍ਰਿਫ਼ਤਾਰ ਕਰ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ।

ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਲਿਸਟ ਹੋਰ ਲੰਬੀ ਹੁੰਦੀ ਜਾ ਰਹੀ ਹੈ ਜੋ ਪੰਜਾਬ ਦੇ ਲੋਕ ਹੋਣ ਜਾ ਰਹੀਆਂ ਚੋਣਾਂ ਵਿਚ ਇਸ ਦਾ ਵਾਜਬ ਜਵਾਬ ਦੇਣਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ. ਤਰਸੇਮ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਗਿਆਨੀ ਰਘਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਤਖ਼ਤ ਦਮਦਮਾ ਸਾਹਿਬ ਤੋਂ ਚੇਤਨਾ ਮਾਰਚ ਕਢਣ ਜਾ ਰਹੇ ਸੀ ਅਤੇ ਉਸ ਮਾਰਚ ਵਿਚ ਹਿੱਸਾ ਲੈਣ ਲਈ ਸਾਡੇ ਕੁੱਝ ਮੈਂਬਰ ਇਥੋਂ ਚਲੇ ਗਏ। ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕਿਤੇ ਹੋਰ ਲੈ ਗਈ ਅਤੇ ਸਾਨੂੰ ਉਨ੍ਹਾਂ ਬਾਰੇ ਕੋਈ ਜਾਣਕਾਰੀ ਨਹੀਂ। ਸ. ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਜਾਗਰੂਕ ਸੰਗਤਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਅੰਮ੍ਰਿਤ ਛਕਾਉਣ ਲਈ ਸ਼ਾਂਤਮਈ ਮਾਰਚ ਕੱਢ ਰਹੇ ਹਾਂ ਪਰ ਸਰਕਾਰ ਸਾਡੇ ਧਾਰਮਕ ਮਾਮਲੇ ਵਿਚ ਦਖ਼ਲਅੰਦਾਜ਼ੀ ਕਰ ਰਹੀ ਹੈ। ਪ੍ਰਧਾਨ ਮੰਤਰੀ ਬਾਜੇਕੇ ਦੇ ਪਿਤਾ ਸ. ਹਰਜਿੰਦਰ ਸਿੰਘ ਬਾਜਾਕੇ ਨੇ ਸਰਕਾਰ ਦੀ ਵੀ ਇਸ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਹੈ ਕਿ ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਆ ਰਹੀ ਹੈ ਅਤੇ ਉਹ ਜਲਦੀ ਖਾਣਾ ਖਾ ਕੇ ਘਰੋਂ ਬਾਹਰ ਚਲਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਗ਼ਲਤ ਸਰਕਾਰ ਚੁਣੀ ਅਤੇ ਇਸ ਸਰਕਾਰ ਨੂੰ ਅਪਣੀ ਵੋਟ ਦੇਣਾ ਸਾਡੀ ਗ਼ਲਤੀ ਸੀ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਪ੍ਰਵਾਰਕ ਮੈਂਬਰਾਂ ਨੂੰ ਪੁਲਿਸ ਦੁਆਰਾ ਹਿਰਾਸਤ ਵਿਚ ਲੈਣ ਦੀ ਕਾਰਵਾਈ ’ਤੇ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ ਹੈ ਕਿ ਬਿਨਾਂ ਵਜ੍ਹਾ ਤੋਂ ਮਾਹੌਲ ਵਿਚ ਤਲਖ਼ੀ ਪੈਦਾ ਕਰਨ ਤੋਂ ਗੁਰੇਜ਼ ਕੀਤਾ ਜਾਵੇ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਕੀਤੇ ਬਿਆਨ ਵਿਚ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੂੰ ਸਰਕਾਰ ਵਲੋਂ ਐਨਐਸਏ ਲਗਾ ਕੇ ਪੰਜਾਬ ਤੋਂ ਹਜ਼ਾਰਾਂ ਕਿਲੋਮੀਟਰ ਦੂਰ ਅਸਾਮ ਦੀ ਡਿਬਰੂਗੜ੍ਹ ਜੇਲ ਵਿਚ ਨਜ਼ਰਬੰਦ ਕਰਨ ਵਿਰੁਧ ਉਨ੍ਹਾਂ ਦੇ ਪ੍ਰਵਾਰਾਂ ਵਲੋਂ ਅਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਕੀਤੇ ਜਾ ਰਹੇ ਸ਼ਾਂਤਮਈ ਸੰਘਰਸ਼ ਤਹਿਤ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਣ ਵਾਲੇ ਖ਼ਾਲਸਾ ਚੇਤਨਾ ਮਾਰਚ ਵਿਚ ਸ਼ਾਮਲ ਹੋਣ ਤੋਂ ਰੋਕਣ ਲਈ ਸਰਕਾਰ ਵਲੋਂ ਵਰਤੇ ਜਾ ਰਹੇ ਹੱਥਕੰਡੇ ਪੰਜਾਬ ਦੀ ਅਮਨ ਸ਼ਾਂਤੀ ਵਾਲੇ ਮਾਹੌਲ ਦੇ ਹਿਤ ਵਿਚ ਨਹੀਂ ਹਨ।

ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਸਮੇਤ ਹੋਰ ਪ੍ਰਵਾਰਕ ਮੈਂਬਰਾਂ ਨੂੰ ਗ਼ੈਰ ਕਾਨੂੰਨੀ ਤੌਰ ’ਤੇ ਹਿਰਾਸਤ ਵਿਚ ਲੈਣਾ ਸ਼ਰਮਨਾਕ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਸਰਕਾਰ ਨੂੰ ਅਤੀਤ ਤੋਂ ਸਬਕ ਲੈਂਦਿਆਂ ਕੋਈ ਵੀ ਅਜਿਹੀ ਕਾਰਵਾਈ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਸਿੱਖਾਂ ਵਿਚ ਰੋਸ ਤੇ ਅਲਹਿਦਗੀ ਦੀ ਭਾਵਨਾ ਵਧਦੀ ਹੋਵੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰਤ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਤੇ ਹੋਰ ਪ੍ਰਵਾਰਕ ਮੈਂਬਰਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ।