- Updated: September 29, 2026 11:51 AM
ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸਿੰਘ ਸਾਹਿਬ ਟੇਕ ਸਿੰਘ ਧਨੋਲਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਹੁੰਚੇ ਹਨ। ਉਨ੍ਹਾਂ ਨੇ ਕਰੀਬ ਇੱਕ-ਦੋ ਘੰਟਾ ਅੰਦਰ ਰਹੇ ਅਤੇ ਬਲਵੰਤ ਸਿੰਘ ਰਾਜੋਆਣਾ ਨਾਲ ਮਿਲ ਕੇ ਬਾਹਰ ਆ ਗਏ ਹਨ।
ਰਾਜੋਆਣਾ ਨਾਲ ਮੁਲਾਕਾਤ ਕਰਨ ਮਗਰੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਪੈਂਡਿੰਗ ਮਾਮਲੇ ਵਿੱਚ ਜਲਦ ਨਿਬੇੜਾ ਕਰਨ ਦੀ ਮੰਗ ਕੀਤੀ ਹੈ। ਰਾਜੋਆਣਾ 32 ਸਾਲ ਤੋਂ ਜੇਲ੍ਹ ਵਿੱਚ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਹੱਕਾਂ ਦਾ ਬਹੁਤ ਵੱਡਾ ਘਾਣ ਕੀਤਾ ਜਾ ਰਿਹਾ ਹੈ। ਭਾਈ ਰਾਜੋਆਣਾ ਬਹੁਤ ਜ਼ਿਆਦਾ ਚੜ੍ਹਦੀ ਕਲਾ ‘ਚ ਹਨ। ਜਗਤਾਰ ਸਿੰਘ ਹਵਾਰਾ ਨੂੰ ਬੀਮਾਰ ਮਾਂ ਨੂੰ ਮਿਲਣ ਲਈ ਪੈਰੋਲ ਨਹੀਂ ਦਿੱਤੀ ਜਾ ਰਹੀ ਪਰ ਸੌਦਾ ਸਾਧ ਜਦੋਂ ਵੀ ਪੈਰੋਲ ਮੰਗਦਾ ਹੈ ਉਸਨੂੰ ਪੈਰੋਲ ਮਿਲ ਜਾਂਦੀ ਹੈ। ਦੇਸ਼ ਵਿੱਚ ਸਿੱਖਾਂ ਦੇ ਹੱਕਾਂ ਦਾ ਘਾਣ ਹੋ ਰਿਹਾ ਹੈ। ਸਿੱਖਾਂ ਨਾਲ ਦੋਹਰਾ ਮਾਪਦੰਡ ਕਿਉਂ ਅਪਣਾਇਆ ਜਾਂਦਾ।
ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਜਾਂ ਸੁਪਰੀਮ ਕੋਰਟ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਇਸ ਮੁੱਦੇ ‘ਤੇ ਸਿੰਘ ਸਾਹਿਬਾਨ ਮੀਟਿੰਗ ‘ਚ ਫ਼ੈਸਲਾ ਲੈਣਗੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ। ਇੱਕ ਪੁੱਤਰ ਨੂੰ ਬੀਮਾਰ ਮਾਂ ਨੂੰ ਮਿਲਣ ਲਈ ਪੈਰੋਲ ਨਾ ਮਿਲਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਾਕਾਤ ਦੌਰਾਨ ਰਾਜੋਆਣਾ ਨੇ ਉਨ੍ਹਾਂ ਨੂੰ ਕਿਹਾ ਕਿ ਮੈਂ ਆਪਣੀ ਅਗਲੀ ਮੰਜ਼ਿਲ ਲਈ ਤਿਆਰ ਹਾਂ।