- Updated: August 31, 2026 08:01 PM
ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਸੋਮਵਾਰ ਨੂੰ ਬਠਿੰਡਾ ਦੀ ਇੱਕ ਅਦਾਲਤ ਵਿੱਚ ਆਪਣੇ ਖਿਲਾਫ ਚੱਲ ਰਹੇ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਹੋਈ। ਸ਼ਿਕਾਇਤਕਰਤਾ ਮਹਿੰਦਰ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਦੀ ਗਵਾਹੀ ਅੱਜ ਦਰਜ ਕੀਤੀ ਗਈ।
ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਅੱਜ ਦੀ ਸੁਣਵਾਈ ਦੌਰਾਨ ਮਹਿੰਦਰ ਕੌਰ ਦੇ ਪੋਤੇ ਗੁਰਪ੍ਰੀਤ ਸਿੰਘ ਨੂੰ ਗਵਾਹ ਵਜੋਂ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੀ ਗਵਾਹੀ ਦਰਜ ਕੀਤੀ ਗਈ। ਇਸ ਦੌਰਾਨ ਕੰਗਨਾ ਰਣੌਤ ਦੇ ਵਕੀਲ ਵੀ ਅਦਾਲਤ ਵਿੱਚ ਮੌਜੂਦ ਸਨ ਅਤੇ ਕੰਗਨਾ ਰਣੌਤ ਨੇ ਖੁਦ ਵੀਡੀਓ ਕਾਨਫਰੰਸ ਰਾਹੀਂ ਕਾਰਵਾਈ ਵਿੱਚ ਹਿੱਸਾ ਲਿਆ।
ਵਕੀਲ ਬਹਿਣੀਵਾਲ ਮੁਤਾਬਕ ਸੁਣਵਾਈ ਦੌਰਾਨ ਕੰਗਨਾ ਦੀ ਮੌਜੂਦਗੀ ਵਿੱਚ ਅਦਾਲਤ ਦੇ ਕਮਰੇ ਵਿੱਚ ਕੇਸ ਦੇ ਕਈ ਪਹਿਲੂਆਂ ‘ਤੇ ਲੰਮੀ ਬਹਿਸ ਕੀਤੀ ਗਈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਦਲੀਲ ਦਿੱਤੀ ਕਿ ਬੀਬੀ ਮਹਿੰਦਰ ਕੌਰ ਨੇ ਪੂਰੇ ਪੰਜਾਬ ਵਿੱਚ ਸਤਿਕਾਰ ਕਮਾਇਆ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਫੰਡਿੰਗ ਕੀਤੇ ਜਾਣ ਦੀ ਵੀ ਗੱਲ ਕਹੀ ਗਈ।
ਐਡਵੋਕੇਟ ਰਘਬੀਰ ਸਿੰਘ ਬਹਿਣੀਵਾਲ ਨੇ ਦਾਅਵਾ ਕੀਤਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਅਦਾਲਤ ਵਿੱਚ ਇਹ ਵੀ ਦਲੀਲ ਦਿੱਤੀ ਕਿ ਕੰਗਨਾ ਰਣੌਤ ਲੱਸੋਂ ਕੀਤਾ ਗਿਆ ਟਵੀਟ ਬੀਬੀ ਮਹਿੰਦਰ ਕੌਰ ਬਾਰੇ ਨਹੀਂ, ਸਗੋਂ ਬਿਲਕੀਸ ਬਾਨੋ ਬਾਰੇ ਸੀ। ਇਸ ਦਲੀਲ ਦੇ ਜਵਾਬ ਵਿੱਚ ਸ਼ਿਕਾਇਤਕਰਤਾ ਨੇ ਵੀ ਕੇਸ ਦਾ ਆਪਣਾ ਪੱਖ ਪੇਸ਼ ਕੀਤਾ।
ਇਹ ਮਾਮਲਾ ਕੰਗਨਾ ਰਣੌਤ ਵੱਲੋਂ ਬਠਿੰਡਾ ਦੀ ਇੱਕ ਬਜ਼ੁਰਗ ਔਰਤ ਮਹਿੰਦਰ ਕੌਰ ਬਾਰੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੀਤੀ ਗਈ ਇੱਕ ਸੋਸ਼ਲ ਮੀਡੀਆ ਪੋਸਟ ਨਾਲ ਜੁੜਿਆ ਹੈ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਕੰਗਨਾ ਰਣੌਤ ਦੀ ਪੋਸਟ ਨਾਲ ਮਹਿੰਦਰ ਕੌਰ ਦੀ ਬਦਨਾਮੀ ਹੋਈ ਅਤੇ ਉਸਦੀ ਸਮਾਜਿਕ ਸਾਖ ਨੂੰ ਨੁਕਸਾਨ ਪਹੁੰਚਾਇਆ। ਇਸ ਦੇ ਆਧਾਰ ‘ਤੇ ਉਸ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਗਈ।
ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਲਈ 15 ਸਤੰਬਰ, 2026 ਦੀ ਤਰੀਕ ਤੈਅ ਕੀਤੀ ਹੈ। ਅਗਲੀ ਸੁਣਵਾਈ ਦੌਰਾਨ ਕੇਸ ਨਾਲ ਸਬੰਧਤ ਗਵਾਹੀਆਂ ਅਤੇ ਦਲੀਲਾਂ ਜਾਰੀ ਰਹਿਣ ਦੀ ਉਮੀਦ ਹੈ।