- Updated: February 14, 2023 04:43 PM
ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਨੇ ਪਾਰਟੀ ਦੇ ਸੀਨੀਅਰ ਆਗੂ ਕਰਨੈਲ ਸਿੰਘ ਪੰਜੋਲੀ ਦੀਆਂ ਲਗਾਤਾਰ ਚੱਲ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਉਨ੍ਹਾਂ ਨੂੰ 6 ਸਾਲ ਵਾਸਤੇ ਪਾਰਟੀ 'ਚੋਂ ਕੱਢਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਨੁਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਦੱਸਿਆ ਕਿ ਕਰਨੈਲ ਸਿੰਘ ਪੰਜੋਲੀ ਨੂੰ ਕਈ ਵਾਰ ਪਹਿਲਾਂ ਵੀ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਅਤੇ ਪਾਰਟੀ ਦਾ ਅਨੁਸ਼ਾਸ਼ਨ ਭੰਗ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਪਰ ਪਾਰਟੀ ਨੇ ਸਹਿਣਸ਼ੀਲਤਾ ਰੱਖਦੇ ਹੋਏ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ।

ਹੁਣ ਜਦੋਂ ਕਿ ਉਹ ਅਨੁਸ਼ਾਸ਼ਨਹੀਣਤਾ ਦੀਆਂ ਸਾਰੀਆਂ ਹੱਦਾਂ ਟੱਪ ਚੁੱਕੇ ਹਨ ਤਾਂ ਮਜਬੂਰ ਹੋ ਕੇ ਪਾਰਟੀ ਨੂੰ ਸਖ਼ਤ ਕਦਮ ਚੁੱਕਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਪੰਜੋਲੀ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਕੇ ਪਾਰਟੀ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ 13 ਫਰਵਰੀ ਨੂੰ ਸ਼ਾਮ ਨੂੰ ਕੀਤੀ ਗਈ, ਜਿਸ 'ਚ ਸਰਵਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਪੰਜੋਲੀ ਦੀਆਂ ਪਾਰਟੀ ਵਿਰੋਧੀ ਸਰਗਰਮੀਆਂ ਅਤੇ ਅਨੁਸ਼ਾਸ਼ਨਹੀਣਤਾ ਹੁਣ ਨਾ ਕਾਬਲੇ ਬਰਦਾਸ਼ਤ ਹੈ।
ਇਸ ਲਈ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ 6 ਸਾਲ ਵਾਸਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕੀਤਾ ਗਿਆ। ਮਲੂਕਾ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀ ਅਨੁਸ਼ਾਸ਼ਨਹੀਣਤਾ ਕਦਾਚਿਤ ਬਰਦਾਸ਼ਤ ਨਹੀ ਕੀਤੀ ਜਾਵੇਗੀ ਭਾਵੇਂ ਕਿ ਕਰਨ ਵਾਲਾ ਆਗੂ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।