ਕੇਜਰੀਵਾਲ ਸੰਜੇ ਸਿੰਘ ਦੀ ਗ੍ਰਿਫ਼ਤਾਰੀ ''ਤੇ ਭੜਕੇ , ਕਿਹਾ PM ਮੋਦੀ ਚੋਣਾਂ ਤਕ ਕਈ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰਵਾਉਣਗੇ। 

ਕੇਜਰੀਵਾਲ ਸੰਜੇ ਸਿੰਘ ਦੀ ਗ੍ਰਿਫ਼ਤਾਰੀ ''ਤੇ ਭੜਕੇ , ਕਿਹਾ PM ਮੋਦੀ ਚੋਣਾਂ ਤਕ ਕਈ ਵਿਰੋਧੀਆਂ ਨੂੰ ਗ੍ਰਿਫ਼ਤਾਰ ਕਰਵਾਉਣਗੇ। 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਨੂੰ 'ਪੂਰੀ ਤਰ੍ਹਾਂ ਗੈਰ-ਕਾਨੂੰਨੀ' ਕਰਾਰ ਦਿੰਦੇ ਹੋਏ ਦਾਅਵਾ ਕੀਤਾ ਕਿ 2024 ਦੀਆਂ ਸੰਸਦੀ ਚੋਣਾਂ ਤੋਂ ਪਹਿਲਾਂ ਹੋਰ ਵਿਰੋਧੀ ਨੇਤਾਵਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿਚ ਬੁੱਧਵਾਰ ਸਵੇਰੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸਿੰਘ ਦੇ ਘਰ ਛਾਪਾ ਮਾਰਿਆ ਅਤੇ ਬਾਅਦ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੇਰ ਸ਼ਾਮ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਜੇ ਸਿੰਘ ਦੇ ਘਰ ਪਹੁੰਚੇ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

'ਆਪ' ਦੇ ਰਾਸ਼ਟਰੀ ਕਨਵੀਨਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ, ''ਸੰਜੇ ਸਿੰਘ ਦੀ ਗ੍ਰਿਫ਼ਤਾਰੀ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ। ਇਹ (ਪ੍ਰਧਾਨ ਮੰਤਰੀ ਨਰਿੰਦਰ) ਮੋਦੀ ਜੀ ਦੀ ਘਬਰਾਹਟ ਨੂੰ ਦਰਸਾਉਂਦਾ ਹੈ। ਉਹ ਚੋਣਾਂ ਤਕ ਕਈ ਹੋਰ ਵਿਰੋਧੀ ਨੇਤਾਵਾਂ ਨੂੰ ਗ੍ਰਿਫ਼ਤਾਰ ਕਰਨਗੇ।'' ਇਸ ਤੋਂ ਪਹਿਲਾਂ ਕੇਜਰੀਵਾਲ ਨੇ ਸਿੰਘ ਦੇ ਘਰ 'ਤੇ ਈਡੀ ਦੇ ਛਾਪੇ ਨੂੰ ਪਾਰਟੀ ਦੀ 'ਆਖਰੀ ਹਤਾਸ਼ ਕੋਸ਼ਿਸ਼' ਕਰਾਰ ਦਿੱਤਾ ਅਤੇ ਕਿਹਾ ਕਿ ਸੱਤਾਧਾਰੀ ਪਾਰਟੀ ਨੂੰ 2024 ਦੀਆਂ ਲੋਕ ਸਭਾ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਵੇਗਾ। ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਨੇ ਕਿਹਾ ਕਿ ਅਜਿਹੇ ਕਈ ਛਾਪੇ ਮਾਰੇ ਜਾਣਗੇ ਪਰ ਡਰਨ ਵਾਲੀ ਕੋਈ ਗੱਲ ਨਹੀਂ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਹਜ਼ਾਰਾਂ ਛਾਪੇ ਮਾਰੇ ਗਏ ਹਨ ਪਰ ਅੱਜ ਤਕ ਇਕ ਪੈਸਾ ਵੀ ਬਰਾਮਦ ਨਹੀਂ ਹੋਇਆ। ਸਿੰਘ ਦੇ ਘਰੋਂ ਵੀ ਕੁਝ ਨਹੀਂ ਮਿਲੇਗਾ।

ਉਨ੍ਹਾਂ ਕਿਹਾ, ''ਭਾਜਪਾ ਘਬਰਾ ਗਈ ਹੈ। ਉਸ ਨੂੰ ਲੱਗਦਾ ਹੈ ਕਿ 2024 ਦੀਆਂ ਆਮ ਚੋਣਾਂ ਵਿਚ ਉਸ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਹ ਹਾਰੀ ਹੋਈ ਪਾਰਟੀ ਦੇ ਆਖਰੀ ਹਤਾਸ਼ ਯਤਨ ਹਨ। ਪਹਿਲਾਂ ਕਈ ਪੱਤਰਕਾਰਾਂ ਨਾਲ ਅਜਿਹਾ ਹੋਇਆ, ਹੁਣ ਸੰਜੇ ਸਿੰਘ ਨਾਲ ਵੀ ਅਜਿਹਾ ਹੀ ਹੋ ਰਿਹਾ ਹੈ। ਉਨ੍ਹਾਂ ਕਿਹਾ, “ਜਿਵੇਂ ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਈਡੀ, ਸੀਬੀਆਈ, ਇਨਕਮ ਟੈਕਸ ਅਤੇ ਪੁਲਸ ਸਾਰੇ ਸਰਗਰਮ ਹੋ ਜਾਣਗੇ। ਅਜਿਹੇ ਹੋਰ ਵੀ ਛਾਪੇ ਮਾਰੇ ਜਾਣਗੇ। ਪਰ ਡਰਨ ਦੀ ਲੋੜ ਨਹੀਂ ਹੈ।