- Updated: February 24, 2023 10:46 PM
ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਗਈ ਸਿੱਟ ਵੱਲੋਂ ਫਰੀਦਕੋਟ ਦੀ ਅਦਾਲਤ ਵਿਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੇਸ਼ ਕੀਤੀ ਗਈ ਇਸ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਂ ਹੈ। ਇਸ ਦੇ ਨਾਲ ਹੀ ਚਲਾਨ ਵਿਚ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ. ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 307, 120 ਸਮੇਤ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਨੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਮਿਲੇ ਸਨ। ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਪੁਲਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਵਿੱਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਐੱਸ. ਆਈ. ਟੀ. ਬਣੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।