- Updated: November 13, 2024 06:24 PM
ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹੁਣ ਸਕਿਓਰਿਟੀ ਮੁਹੱਈਆ ਕਰਵਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕਿਓਰਿਟੀ ਵਿਚ ਦੋ ਸੁਰੱਖਿਆ ਮੁਲਾਜ਼ਮ ਉਨ੍ਹਾਂ ਨੂੰ ਦਿੱਤੇ ਗਏ ਹਨ। ਪੰਜਾਬ ਪੁਲਸ ਨੇ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਸੁਰੱਖਿਆ ਲਈ 2 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਹਨ, ਜਦਕਿ ਇਕ ਪੀ. ਸੀ. ਆਰ. ਨਿਯਮਤ ਤੌਰ 'ਤੇ ਉਨ੍ਹਾਂ ਦੇ ਘਰ ਅਤੇ ਰੈਸਟੋਰੈਂਟ 'ਤੇ ਗਸ਼ਤ ਕਰੇਗੀ। ਇਹ ਜਾਣਕਾਰੀ ਪੰਜਾਬ ਪੁਲਸ ਨੇ ਪੰਜਾਬ-ਹਰਿਆਣਾ ਹਾਈਕੋਰਟ ਨੂੰ ਦਿੱਤੀ। ਇਥੇ ਦੱਸ ਦੇਈਏ ਕਿ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਹਾਈਕੋਰਟ ਵੱਲੋਂ ਸਕਿਓਰਿਟੀ ਦੇਣ ਦੇ ਆਦੇਸ਼ ਪੰਜਾਬ ਸਰਕਾਰ ਨੂੰ ਜਾਰੀ ਕਰ ਦਿੱਤੇ ਗਏ ਸਨ।
ਜ਼ਿਕਰਯੋਗ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਆਪਣੀ ਜਾਨ ਨੂੰ ਖ਼ਤਰੇ ਦਾ ਹਵਾਲਾ ਦਿੰਦੇ ਹੋਏ ਸੁਰੱਖਿਆ ਦੀ ਮੰਗ ਕੀਤੀ ਸੀ। ਪਟੀਸ਼ਨ ਵਿੱਚ ਕੁੱਲ੍ਹੜ ਪਿੱਜ਼ਾ ਕੱਪਲ ਨੇ ਨਿਹੰਗ ਮਾਨ ਸਿੰਘ ਦੇ ਵਿਰੋਧ ਮਗਰੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਜਿਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ ਅਤੇ ਦੋਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।
ਜਲੰਧਰ ਦੇ ਏ .ਸੀ. ਪੀ. ਨੇ ਹਾਈਕੋਰਟ ਨੂੰ ਜਾਣਕਾਰੀ ਦਿੰਦੇ ਇਹ ਵੀ ਕਿਹਾ ਕਿ ਦੋਵਾਂ ਨੂੰ ਮਿਲੀ ਧਮਕੀ ਦਾ ਅਜੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ ਅਤੇ ਉਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਦੂਜੇ ਪਾਸੇ ਕੁੱਲ੍ਹੜ ਪਿੱਜ਼ਾ ਕੱਪਲ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਪਿਛਲੇ ਦੋ ਹਫ਼ਤਿਆਂ ਤੋਂ ਕੁਝ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਸ ਸਬੰਧੀ ਲਿਖਤੀ ਰੂਪ ਵਿੱਚ ਪੂਰੀ ਜਾਣਕਾਰੀ ਅਗਲੀ ਸੁਣਵਾਈ ਤੱਕ ਦੇ ਦੇਣਗੇ।