ਲੁਧਿਆਣਾ ''ਚ ਬਾਬਾ ਸਾਹਿਬ ਦੀ ਪ੍ਰਤਿਮਾ ''ਤੇ ਲੱਗੇ ਸ਼ੀਸ਼ੇ ਦੀ ਭੰਨਤੋੜ, ਜਥੇਬੰਦੀਆਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਲੁਧਿਆਣਾ ''ਚ ਬਾਬਾ ਸਾਹਿਬ ਦੀ ਪ੍ਰਤਿਮਾ ''ਤੇ ਲੱਗੇ ਸ਼ੀਸ਼ੇ ਦੀ ਭੰਨਤੋੜ, ਜਥੇਬੰਦੀਆਂ ਨੇ ਕੀਤੀ ਸਖ਼ਤ ਕਾਰਵਾਈ ਦੀ ਮੰਗ

ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਜਲੰਧਰ ਬਾਈਪਾਸ ਚੌਕ ਵਿਚ ਸਥਾਪਤ ਡਾਕਟਰ ਭੀਮਰਾਓ ਅੰਬੇਡਕਰ ਦੀ ਪ੍ਰਤਿਮਾ 'ਤੇ ਲੱਗੇ ਸੀਸ਼ੇ ਨੂੰ ਤੋੜਣ ਵਾਲੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਮੌਕੇ ਏ. ਸੀ. ਪੀ. ਨੌਰਥ ਕਿੱਕਰ ਸਿੰਘ ਭੁੱਲਰ ਤੇ ਥਾਣਾ ਮੁਖੀ ਇੰਸਪੈਕਟਰ ਹਰਸ਼ਵੀਰ ਸਿੰਘ ਸੰਧੂ ਨੂੰ ਸ਼ਿਕਾਇਤ ਦਿੰਦਿਆਂ ਸਮਾਜ ਸੇਵਕ ਤੇ ਐਡਵੋਕੇਟ ਨਰਿੰਦਰ ਆਦੀਆ ਨੇ ਦੱਸਿਆ ਕਿ ਉਹ ਅੰਬੇਡਕਰਵਾਦੀ ਵਿਚਾਰਧਾਰਾ ਨੂੰ ਮੰਨਣ ਵਾਲੇ ਹਨ ਤੇ ਸਮਾਜ ਸੇਵਕ ਦੇ ਨਾਲ-ਨਾਲ ਲੋਕਾਂ ਨੂੰ ਅਦਾਲਤ ਵਿਚ ਇਨਸਾਫ਼ ਦਿਵਾਉਣ ਦਾ ਕੰਮ ਕਰਦੇ ਹਨ। 

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਤਕਰੀਬਨ 9.45 ਵਜੇ ਜਲੰਧਰ ਬਾਈਪਾਸ ਚੌਕ ਵਿਚ ਗਏ। ਇੱਥੇ ਬਾਬਾ ਸਾਹਿਬ ਦੀ ਪ੍ਰਤਿਮਾ ਦੇ ਨਾਲ ਮੱਥਾ ਟੇਕਣ ਲੱਗੇ ਤਾਂ ਉਨ੍ਹਾਂ ਵੇਖਿਆ ਕਿ ਡਾਕਟਰ ਭੀਮਰਾਓ ਅੰਬੇਡਕਰ ਸਾਹਿਬ ਦੀ ਪ੍ਰਤਿਮਾ ਉੱਪਰ ਜੋ ਕੱਚ ਦੇ ਸ਼ੀਸ਼ੇ ਲਗਾ ਕੇ ਪ੍ਰਤਿਮਾ ਨੂੰ ਚਾਰੋ ਪਾਸਿਓਂ ਢਕਿਆ ਹੋਇਆ ਸੀ, ਉਸ ਕੱਚ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਤੋੜ ਦਿੱਤਾ ਗਿਆ ਸੀ। ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। 

Image

ਐਡਵੋਕੇਟ ਨਰਿੰਦਰ ਆਦੀਆ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਾਰੇ ਅੰਬੇਡਕਰਵਾਦੀ ਜਥੇਬੰਦੀਆਂ ਨੂੰ ਇਸ ਬਾਰੇ ਸੂਚਨਾ ਦਿੱਤੀ। ਸੂਚਨਾ ਮਿਲਣ ਮਗਰੋਂ ਤੁਰੰਤ ਮੌਕੇ 'ਤੇ ਸੈਂਕੜੇ ਲੋਕ ਪਹੁੰਚੇ, ਜਿਨ੍ਹਾਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੁਲਜ਼ਮਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਉਨ੍ਹਾਂ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ। 

ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏ. ਸੀ. ਪੀ. ਨੌਰਥ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਵੱਲੋਂ ਡਾ. ਭੀਮਰਾਓ ਅੰਬੇਡਕਰ ਸਾਹਿਬ ਦੀ ਪ੍ਰਤਿਮਾ 'ਤੇ ਲੱਗੇ ਸ਼ੀਸ਼ੇ ਤੋੜਣ ਵਾਲੇ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਲਈ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦਾ ਰਿਕਾਰਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।