ਬਠਿੰਡਾ ''ਚ ਵਾਪਰਿਆ ਵੱਡਾ ਬੱਸ ਹਾਦਸਾ, ਕਈ ਸਵਾਰੀਆਂ ਦੀ ਮੌਤ ਦਾ ਖਦਸਾ 

ਬਠਿੰਡਾ ''ਚ ਵਾਪਰਿਆ ਵੱਡਾ ਬੱਸ ਹਾਦਸਾ, ਕਈ ਸਵਾਰੀਆਂ ਦੀ ਮੌਤ ਦਾ ਖਦਸਾ 

ਬਠਿੰਡਾ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਜੀਵਨ ਸਿੰਘ ਵਾਲਾ ਅਤੇ ਕੋਟ ਸ਼ਮੀਰ ਦੇ ਵਿਚਾਲੇ ਵੱਗਦੀ ਡਰੇਨ ਵਿਚ ਸਵਾਰੀਆਂ ਨਾਲ ਭਰੀ ਬੱਸ ਡਿੱਗ ਗਈ। ਜਾਣਕਾਰੀ ਮੁਤਾਬਕ ਨਿੱਜੀ ਕੰਪਨੀ ਦੀ ਇਹ ਬੱਸ ਜਦੋਂ ਡਰੇਨ ਵਿਚ ਡਿੱਗੀ ਤਾਂ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਮੌਕੇ ਉਤੇ ਵੱਡੀ ਗਿਣਤੀ ਵਿਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਵੱਲੋਂ ਰੈਸਕਿਊ ਆਪਰੇਸ਼ਨ ਕੀਤਾ ਜਾ ਰਿਹਾ ਹੈ। 

ਉਥੇ ਹੀ ਇਸ ਹਾਦਸੇ ਵਿਚ ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਹੈ ਜਦਕਿ ਬਾਕੀਆਂ ਲਈ ਰਾਹਤ ਕੰਮ ਜਾਰੀ ਹੈ। ਐੱਨ. ਡੀ. ਆਰ. ਐੱਫ਼. ਦੀਆਂ ਟੀਮਾਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸੰਸਥਾਵਾਂ ਮੌਕੇ 'ਤੇ ਪੁੱਜੀਆਂ ਹਨ। ਅਜੇ ਵੀ ਕਈ ਸਵਾਰੀਆਂ ਬੱਸ ਫਸੀਆਂ ਹਨ, ਜਿਨਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਇਹ ਹਾਦਸਾ ਮੀਂਹ ਦੇ ਕਾਰਨ ਬੱਸ ਦੇ ਬੇਕਾਬੂ ਹੋਣ ਕਾਰਨ ਵਾਪਰਿਆ। ਹੁਣ ਤੱਕ 8 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਮਰਨ ਵਾਲਿਆਂ ਵਿਚ ਇਕ ਬੱਚਾ ਵੀ ਸ਼ਾਮਲ ਹੈ।

                      Image

ਮੌਕੇ ਉਤੇ ਮੌਜੂਦ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਦੂਲਗੜ੍ਹ ਤੋਂ ਬਠਿੰਡਾ ਨੂੰ ਆ ਰਹੀ ਇਕ ਪ੍ਰਾਈਵੇਟ ਬੱਸ ਜ਼ਿਲ੍ਹੇ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਵਿੱਚ ਡਿੱਗੀ। ਇਸ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਸ ਪਾਰਟੀਆਂ ਮੌਕੇ 'ਤੇ ਹੀ ਤੁਰੰਤ ਘਟਨਾ ਵਾਲੇ ਸਥਾਨ 'ਤੇ ਪਹੁੰਚੀਆਂ ਅਤੇ ਐੱਨ. ਡੀ. ਆਰ. ਐੱਫ਼. ਅਤੇ ਲੋਕਲ ਵਲੰਟੀਅਰਾਂ ਦੇ ਸਹਿਯੋਗ ਨਾਲ ਹਾਦਸਾਗ੍ਰਸਤ ਬੱਸ 'ਚੋਂ ਮੁਸਾਫ਼ਿਰਾਂ ਨੂੰ ਬਚਾਇਆ ਗਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  46 ਸਵਾਰੀਆਂ ਇਸ ਹਾਦਸੇ ਦੀ ਲਪੇਟ ਵਿੱਚ ਆਏ ਹਨ, ਜਿਨਾਂ ਵਿੱਚੋਂ ਅੱਠ ਵਿਅਕਤੀਆਂ ਨੂੰ ਮ੍ਰਿਤਕ ਐਲਾਨਿਆ ਗਿਆ ਜਦਕਿ ਬਾਕੀਆਂ ਨੂੰ ਤਲਵੰਡੀ ਸਾਬੋ ਅਤੇ ਜ਼ਿਲ੍ਹਾ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਲਈ ਭੇਜਿਆ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮ੍ਰਿਤਕਾਂ ਦੀ ਪਛਾਣ ਦਾ ਹਾਲੇ ਪਤਾ ਨਹੀਂ ਲਗਾਇਆ ਗਿਆ ਜਦੋਂ ਵੀ ਇਸ ਬਾਰੇ ਪਤਾ ਲਗਾਇਆ ਜਾਂਦਾ ਹੈ ਤਾਂ ਸਮੇਂ ਸਿਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਬਲਿਕ ਦੀ ਸੁਵਿਧਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਨ੍ਹਾਂ ਦਾ ਮੋਬਾਇਲ ਨੰਬਰ 97801-00498 ਅਤੇ 96468-15951 ਹੈ।